ਚੰਡੀਗੜ੍ਹ, 30 ਦਸੰਬਰ 2020 – ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ ‘ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਬੀਤੇ ਦਿਨ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ ‘ਤੇ ਤਸਵੀਰ ਵਾਇਰਲ ਹੋ ਰਹੀ ਸੀ, ਜਿਸ ‘ਤੇ ਸਿੱਖ ਜਗਤ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਇਸ ਸਬੰਧ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਮੁਆਫੀ ਮੰਗੀ ਅਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸ਼ਾਲ ਲੈਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਸੀ।