— ਮੰਡੀਆਂ ਵਿੱਚ 129.90 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ, ਫਸਲ ਦੀ ਲਿਫ਼ਟਿੰਗ ਦੇ ਕਾਰਜਾਂ ਵਿੱਚ ਲਿਆਂਦੀ ਗਈ ਹੈ ਤੇਜੀ
— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਸਮੇਂ-ਸਮੇਂ ਤੇ ਲਿਆ ਜਾ ਰਿਹਾ ਖਰੀਦ ਕਾਰਜਾਂ ਦਾ ਜਾਇਜ਼ਾ
ਐਸ.ਏ.ਐਸ. ਨਗਰ ( ਮੋਹਾਲੀ ) 14 ਮਈ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 129.90 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 129.76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਨਾਲ ਹੀ ਲਿਫ਼ਟਿੰਗ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਗਈ ਹੈ ਅਤੇ ਹੁਣ ਤੱਕ 104.72 ਲੱਖ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਮੰਡੀਆਂ ਵਿੱਚ ਖਰੀਦ ਕਾਰਜਾਂ ਦਾ ਜਾਇਜਾ ਲੈਣ ਮਗਰੋਂ ਸ. ਬਰਸਟ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਕਾਰਜ਼ ਸੁਚੱਝੇ ਢੰਗ ਨਾਲ ਚੱਲ ਰਹੇ ਹਨ ਅਤੇ ਫ਼ਸਲ ਵੇਚ ਚੁੱਕੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਜਿਸ ਤਹਿਤ 27503.88 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚੱਝੇ ਢੰਗ ਨਾਲ ਚਲਾਉਣ ਵਿੱਚ ਜਿੱਥੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਪੂਰੀ ਤਨਦੇਹੀ ਨਾਲ ਡਿਉਟੀ ਕੀਤੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ, ਖ਼ਰੀਦ ਏਜੰਸੀਆਂ ਦੇ ਨਾਲ-ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਇਆ ਹਾੜੀ ਸੀਜ਼ਨ ਆਪਣੇ ਆਖਰੀ ਪੜਾਵ ਵਿੱਚ ਪੁੱਜ ਗਿਆ ਹੈ। ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤ ਲਈ ਮੰਡੀ ਬੋਰਡ ਦੀਆਂ ਟੀਮਾਂ ਵੱਲੋਂ ਸਮੂੱਚੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸ. ਬਰਸਟ ਨੇ ਖਰੀਦ ਕਾਰਜਾਂ ਨੂੰ ਸੁਚੱਝੇ ਢੰਗ ਨੇਪਰੇ ਚਾੜਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਏਜੰਸੀਆਂ, ਆੜਤੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਰ ਵੇਲੇ ਖੜੀ ਹੈ ਅਤੇ ਉਹਨਾਂ ਦੀ ਬਿਹਤਰੀ ਅਤੇ ਚੰਗੇ ਭਵਿੱਖ ਦੇ ਲਈ ਵਚਨਬਧ ਹੈ।
ਸ. ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 129.90 ਲੱਖ ਮੀਟ੍ਰਿਕ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 129.76 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚੋਂ 122.57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਅਤੇ 7.19 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ 104.72 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਬੀਤੇ ਦਿਨ ਮੰਡੀਆਂ ਵਿੱਚ 60410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਦਕਿ 63458 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਪਨਗ੍ਰੇਨ ਵੱਲੋਂ 39,27,945 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,20,735 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 32,10,010 ਮੀਟ੍ਰਿਕ ਟਨ, ਪਨਸਪ ਵੱਲੋਂ 29,34,544 ਮੀਟ੍ਰਿਕ ਟਨ ਅਤੇ ਵੇਅਰਹਾਉਸ ਵੱਲੋਂ 18,63,900 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇੱਥੇ 12,31,209 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ।