ਫਾਜ਼ਿਲਕਾ, 26 ਮਈ 2024 – ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਅੰਤਰਰਾਸ਼ਟਰੀ ਨਾਰਕੋ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਬਰਾਮਦ ਕਰਨ ਦੇ ਨਾਲ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸੰਪਰਕ ਵਿੱਚ ਸਨ। ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਜਾਰੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛਗਿੱਛ ‘ਚ ਖੁਲਾਸੇ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ। ਉਧਰ, ਫਾਜ਼ਿਲਕਾ ਦੀ ਐਸਐਸਪੀ ਡਾ.ਪ੍ਰਗਿਆ ਜੈਨ ਅੱਜ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਸਾਰੀ ਜਾਣਕਾਰੀ ਦੇਣਗੇ। ਅਤੇ ਮੀਡੀਆ ਰਾਹੀਂ ਇਹ ਖੁਲਾਸਾ ਕੀਤਾ ਜਾਵੇਗਾ ਕਿ ਪੁਲਿਸ ਨੇ ਇਹ ਕਾਰਵਾਈ ਕਿਵੇਂ ਕੀਤੀ ਅਤੇ ਇਹਨਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ।