ਅੰਮ੍ਰਿਤਸਰ, 2 ਜੂਨ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ, ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਖੇ ਗ੍ਰੰਥੀ ਸਿੰਘ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜ਼ਨਾਹ ਕਰਨ ਵਾਲਿਆਂ ਸਾਰੇ ਦੋਸ਼ੀਆਂ ਨੂੰ ਪੁਲਿਸ ਤੁਰੰਤ ਗ੍ਰਿਫ਼ਤਾਰ ਕਰੇ। ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੇ ਗਏ ਇੱਕ ਹਫ਼ਤੇ ਦੇ ਅਲਟੀਮੇਟਮ ਦਾ ਪੂਰਾ ਸਹਿਯੋਗ ਕਰਦੀ ਹੈ ਅਤੇ ਲੋੜ ਪੈਣ ਉੱਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਖ਼ਤ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਜਾਂਦਾ ਹੈ ਕਿ ਉਹ ਸਿੱਖ ਸੰਗਤ ਨੂੰ ਸਖ਼ਤ ਫੈਸਲਾ ਲੈਣ ਲਈ ਮਜਬੂਰ ਨਾ ਕਰੇ ਅਤੇ ਦੋਸ਼ੀਆਂ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਇਸ ਘਿਨੌਣੇ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਖੁਦ ਯਕੀਨੀ ਬਣਾਉਣ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਘਟਨਾ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੇ ਮਨਾਂ ਅੰਦਰ ਭਾਰੀ ਰੋਸ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਸੂਬੇ ਅੰਦਰ ਧੀਆਂ ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਅਕਸਰ ਹੀ ਬਿਆਨ ਦਿੰਦੇ ਹਨ, ਇਸ ਲਈ ਸਰਕਾਰ ਨੂੰ ਪੀਲੀਭੀਤ ਨਾਲ ਸਬੰਧਤ ਇਸ ਘਿਨੌਣੇ ਮਾਮਲੇ ਵਿੱਚ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਇਸ ਘਟਨਾ ਬਾਰੇ ਯੂਪੀ ਦੀ ਸੰਗਤ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੀਲੀਭੀਤ ਜ਼ਿਲ੍ਹੇ ਦੇ ਪੁਲਿਸ ਕਪਤਾਨ ਇਸ ਮਾਮਲੇ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਯੂਪੀ ਸਰਕਾਰ ਇਸ ਮਾਮਲੇ ਵਿੱਚ ਢਿੱਲੀ ਕਾਰਗੁਜ਼ਾਰੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਉੱਤੇ ਵੀ ਕਾਰਵਾਈ ਕਰੇ।