- 9 ਜੁਲਾਈ ਤੱਕ ਤਲਬ ਕੀਤਾ ਜਾਵੇਗਾ ਰਿਕਾਰਡ
ਚੰਡੀਗੜ੍ਹ, 8 ਜੂਨ 2024 – ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਲੰਬਿਤ ਦਰਜਨਾਂ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲ ਤੋਂ ਪੁੱਛਿਆ ਕਿ ਉਨ੍ਹਾਂ ਦੇ ਖਿਲਾਫ ਕਿਸ ਅਦਾਲਤ ‘ਚ ਕੇਸ ਪੈਂਡਿੰਗ ਹਨ।
ਅਦਾਲਤ ਨੇ ਇਸ ਸਬੰਧੀ 9 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਹਰ ਮਾਮਲੇ ਵਿੱਚ ਵਿਅਕਤੀਗਤ ਰੂਪ ਵਿੱਚ ਪੇਸ਼ ਨਹੀਂ ਹੋ ਸਕਦਾ। ਅਜਿਹੀ ਸਥਿਤੀ ਵਿੱਚ ਸਬੰਧਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਉਸ ਨੂੰ ਅਦਾਲਤ ਵਿੱਚ ਪੇਸ਼ ਕਰੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।
ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਖ਼ਿਲਾਫ਼ ਸਾਰੇ ਕੇਸਾਂ ਦੀ ਸੁਣਵਾਈ ਇੱਕ ਅਦਾਲਤ ਵਿੱਚ ਹੋਣੀ ਚਾਹੀਦੀ ਹੈ। ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੁੱਲ 31, ਹਰਿਆਣਾ ਵਿੱਚ ਇੱਕ, ਚੰਡੀਗੜ੍ਹ ਵਿੱਚ ਤਿੰਨ ਅਤੇ ਪੰਜਾਬ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਕੇਸ ਪੈਂਡਿੰਗ ਹਨ।
1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹਵਾਰਾ ਖਿਲਾਫ ਕਈ ਹੋਰ ਮਾਮਲੇ ਵੀ ਦਰਜ ਕੀਤੇ ਗਏ ਸਨ। ਹਾਈਕੋਰਟ ਨੇ ਅਗਲੀ ਸੁਣਵਾਈ ‘ਤੇ ਇਸ ਸਬੰਧ ‘ਚ ਅੰਕੜਿਆਂ ਸਮੇਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਦਾਇਰ ਪਟੀਸ਼ਨ ‘ਤੇ ਅੱਗੇ ਸੁਣਵਾਈ ਹੋਵੇਗੀ।