ਅੰਮ੍ਰਿਤਸਰ, 1 ਜਨਵਰੀ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਪੰਜਾਬ ਦੇ ਦੌਰੇ ਉੱਤੇ ਪੁੱਜੇ। ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚਣ ਉਤੇ ਸਭ ਤੋਂ ਪਹਿਲਾਂ ਰਾਘਵ ਚੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋ ਕੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁੰਦੇ ਹੋਏ ਉਨ੍ਹਾਂ ਪੰਜਾਬ, ਪੰਜਾਬੀਅਤ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਪਿੱਛੋਂ ਰਾਘਵ ਚੱਢਾ ਸ੍ਰੀ ਦੁਰਗਿਆਣਾ ਮੰਦਰ ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਥਨਾ ਕੀਤੀ।
ਰਾਘਵ ਚੱਢਾ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਅੱਜ ਕੜਾਕੇ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਜੋ ਕਿਸਾਨ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ, ਉਨ੍ਹਾਂ ਦੀਆਂ ਛੇਤੀ ਮੰਗਾਂ ਮੰਨੀਆਂ ਜਾਣ। ਉਨ੍ਹਾਂ ਸੱਚੇ ਪਾਤਸ਼ਾਹ ਅੱਗੇ ਅਰਦਾਸ ਕੀਤੀ ਕਿ ਸੱਚ ਦੇ ਮਾਰਗ ਚੱਲਣ ਦਾ ਬਲ ਬਖਸ਼ਣ। ਗੁਰੂਆਂ ਵੱਲੋਂ ਦਿਖਾਏ ਗਏ ਮਾਰਗ ਉੱਤੇ ਚਲਦੇ ਹੋਏ ਲੋਕਾਂ ਦੀ ਸੇਵਾ ਕਰਨ ਲਈ ਸ਼ਕਤੀ ਦੇਣ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਉਤੇ ਉਨ੍ਹਾਂ ਨੂੰ ਸਿਰੋਪਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੇ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਜੱਗਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਲੰਟੀਅਰ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਉੱਤੇ ਵਿਸ਼ਵਾਸ ਕਰਦਿਆਂ ਵੱਡੀ ਜੰਿਮੇਵਾਰੀ ਨਾਲ ਨਿਵਾਜਿਆ ਹੈ ਸੋ ਇਸ ਨੂੰ ਪੂਰੇ ਮਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਸ ਸਮੇਂ ਇਕ ਨਵੀਂ ਦਿਸ਼ਾ ਦੀ ਲੋੜ ਹੈ ਸੋ ਆਮ ਆਦਮੀ ਪਾਰਟੀ ਭਵਿੱਖ ਵਿਚ ਇਸ ਖੱਪੇ ਨੂੰ ਭਰ ਕੇ ਨਵੇਂ ਪੰਜਾਬ ਦੇ ਨਿਰਮਾਣ ਵੱਲ ਕਦਮ ਪੁੱਟੇਗੀ।