- ਰਾਉਸ ਐਵੇਨਿਊ ਕੋਰਟ ਦਾ ਬਦਲਿਆ ਸੀ ਫੈਸਲਾ
ਨਵੀਂ ਦਿੱਲੀ, 26 ਜੂਨ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਬੁੱਧਵਾਰ (26 ਜੂਨ) ਨੂੰ ਸੁਣਵਾਈ ਹੋਵੇਗੀ। ਦਿੱਲੀ ਹਾਈ ਕੋਰਟ ਨੇ ਮੰਗਲਵਾਰ (25 ਜੂਨ) ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਰਾਉਸ ਐਵੇਨਿਊ ਕੋਰਟ ਵੱਲੋਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੂੰ ਪਲਟ ਦਿੱਤਾ ਸੀ।
ਦਰਅਸਲ, 20 ਜੂਨ ਨੂੰ ਰਾਉਸ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਸੀ। ਈਡੀ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਜ਼ਮਾਨਤ ਦੇ ਹੁਕਮਾਂ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ ਅਤੇ ਅੰਤਿਮ ਫੈਸਲਾ 2-3 ਦਿਨਾਂ ਲਈ ਸੁਰੱਖਿਅਤ ਰੱਖ ਲਿਆ ਸੀ। ਇਸ ‘ਤੇ ਕੱਲ੍ਹ ਹਾਈਕੋਰਟ ਨੇ ਕੇਜਰੀਵਾਲ ਖਿਲਾਫ ਆਪਣਾ ਫੈਸਲਾ ਸੁਣਾਇਆ।
23 ਜੂਨ ਨੂੰ ਕੇਜਰੀਵਾਲ ਨੇ ਜ਼ਮਾਨਤ ‘ਤੇ ਹਾਈਕੋਰਟ ਦੇ ਸਟੇਅ ਆਰਡਰ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਸੋਮਵਾਰ (24 ਜੂਨ) ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਾਈ ਕੋਰਟ ਵੱਲੋਂ ਜ਼ਮਾਨਤ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖਣ ਨੂੰ ਅਸਾਧਾਰਨ ਕਰਾਰ ਦਿੰਦਿਆਂ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਦੋਂ ਤੱਕ ਦਿੱਲੀ ਹਾਈ ਕੋਰਟ ਆਪਣਾ ਫੈਸਲਾ ਨਹੀਂ ਦਿੰਦੀ, ਉਦੋਂ ਤੱਕ ਸਾਡੇ ਪੱਖ ਤੋਂ ਕੋਈ ਹੁਕਮ ਦੇਣਾ ਸਹੀ ਨਹੀਂ ਹੋਵੇਗਾ। ਥੋੜਾ ਇੰਤਜ਼ਾਰ ਕਰਨਾ ਪਵੇਗਾ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਅੱਜ 26 ਜੂਨ ਤੱਕ ਟਾਲ ਦਿੱਤੀ ਸੀ।