ਸੰਤ ਬਲਬੀਰ ਸਿੰਘ ਸੀਚੇਵਾਲ ਵੱਲ਼ੋਂ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ

  • ਦੀਨਾਨਗਰ ਦੀ ਵਿਰਾਸਤੀ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮੁੱਦਾ ਚੁੱਕਿਆ ਜਾਵੇਗਾ – ਸੰਤ ਸੀਚੇਵਾਲ

ਗੁਰਦਾਸਪੁਰ, 26 ਜੂਨ 2024 – ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਦੀਨਾਨਗਰ ਦੀ ਇਸ ਇਤਿਹਾਸਕ ਬਾਰਾਂਦਰੀ ਦਾ ਬਹੁਤ ਵੱਡਾ ਸਥਾਨ ਹੈ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਇਸ ਇਤਿਹਾਸਕ ਬਾਰਾਂਦਰੀ ਵਿੱਚ ਕਈ ਇਤਿਹਾਸਕ ਫ਼ੈਸਲੇ ਹੋਏ ਸਨ, ਜਿਨ੍ਹਾਂ ਵਿੱਚ ਸੰਨ 1838 ਵਿੱਚ ਲਾਹੌਰ ਦਰਬਾਰ, ਬ੍ਰਿਟਿਸ਼ ਹਕੂਮਤ ਅਤੇ ਅਫ਼ਗ਼ਾਨਿਸਤਾਨ ਦੇ ਸ਼ਾਹ ਸੁਜਾ ਦਰਮਿਆਨ ਹੋਈ ਤ੍ਰੈ-ਦੇਸੀ ਸੰਧੀ ਅਹਿਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਇਤਿਹਾਸਕ ਇਮਾਰਤਾਂ ਸਾਡੇ ਇਤਿਹਾਸ ਦਾ ਮਾਣ ਹਨ ਅਤੇ ਇਨ੍ਹਾਂ ਦਾ ਕਾਇਮ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇਤਿਹਾਸਕ ਵਿਰਾਸਤਾਂ ਇਤਿਹਾਸ ਦੇ ਉਹ ਪੰਨੇ ਹਨ ਜਿਨ੍ਹਾਂ ਰਾਹੀਂ ਉਹ ਆਪਣੇ ਇਤਿਹਾਸ ਨੂੰ ਜਾਣ ਸਕਣਗੇ।

ਦੀਨਾਨਗਰ ਦੀ ਇਸ ਇਤਿਹਾਸਕ ਬਾਰਾਂਦਰੀ ਦੀ ਖਸਤਾ ਹਾਲਤ ਉੱਪਰ ਚਿੰਤਾ ਜ਼ਾਹਿਰ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਇਤਿਹਾਸਕ ਤੇ ਵਿਰਾਸਤੀ ਇਮਾਰਤ ਦੀ ਮੁੜ ਸੁਰਜੀਤੀ ਬੇਹੱਦ ਜ਼ਰੂਰੀ ਹੈ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਉਹ ਰਾਜ ਸਭਾ ਵਿੱਚ ਵੀ ਇਸ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇਸ਼ ਦਾ ਮਾਣ ਹਨ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਸੰਭਾਲ ਕਰਨੀ ਸਾਡਾ ਫਰਜ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ‘ਚ ਲਾਰੈਂਸ-ਗੋਲਡੀ ਬਰਾੜ ਦੇ 3 ਸ਼ੂਟਰ ਗ੍ਰਿਫਤਾਰ

NIS ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ