ਚੰਡੀਗੜ੍ਹ, 12 ਜੁਲਾਈ 2024 – ਪੰਜਾਬ ਪੁਲਿਸ ਨੇ ਲਗਭਗ ਪੰਜ ਸਾਲਾਂ ਤੋਂ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦੀ ਬਹਾਲੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਹੋਈ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਉਸ ਨੂੰ 15 ਦਿਨਾਂ ਦੇ ਅੰਦਰ ਬਹਾਲ ਕਰਨ ਦੇ ਹੁਕਮ ਦਿੱਤੇ ਸਨ।
ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀਜੀਪੀ ਨੂੰ ਹੀ ਰਿਪੋਰਟ ਕਰਨਗੇ। ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਮਹੀਨੇ ਹਾਈ ਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ।
ਇਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈ ਕੋਰਟ ਦੀ ਸ਼ਰਨ ਲਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਗਾਈ ਸੀ ਅਤੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ।
2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।