- ਕਿਹਾ- ਆਜ਼ਾਦੀ ਦਾ ਅਧਿਕਾਰ ਬੇਰਹਿਮੀ ਨਾਲ ਖੋਹਿਆ
ਡਿਬਰੂਗੜ੍ਹ, 20 ਜੁਲਾਈ 2024 – ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ। ਅੰਮ੍ਰਿਤਪਾਲ ਨੇ ਉਸ ਨੂੰ ਹਿਰਾਸਤ ਵਿੱਚ ਲੈਣ ਅਤੇ ਐਨਐਸਏ ਤਹਿਤ ਸ਼ੁਰੂ ਕੀਤੀ ਸਾਰੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਨੇ ਕਿਹਾ, ‘ਐਨਐਸਏ ਤਹਿਤ ਉਨ੍ਹਾਂ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ, ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਇੱਕ ਸਾਲ ਤੋਂ ਵੱਧ ਸਮੇਂ ਤੱਕ ਨਜ਼ਰਬੰਦੀ ਐਕਟ ਨੂੰ ਲਾਗੂ ਕਰਕੇ ਨਾ ਸਿਰਫ਼ ਪੰਜਾਬ ਤੋਂ 2600 ਕਿਲੋਮੀਟਰ ਦੂਰ ਹਿਰਾਸਤ ਵਿੱਚ ਰੱਖ ਕੇ ਉਸ ਦੀ ਆਜ਼ਾਦੀ ਦਾ ਅਧਿਕਾਰ ਬੇਰਹਿਮ ਤਰੀਕੇ ਨਾਲ ਪੂਰੀ ਤਰ੍ਹਾਂ ਖੋਹ ਲਿਆ ਗਿਆ ਹੈ।
ਇਸ ਨਜ਼ਰਬੰਦੀ ਦਾ ਕੋਈ ਮਕਸਦ ਨਹੀਂ ਹੈ ਸਿਵਾਏ ਇਸ ਤੋਂ ਇਲਾਵਾ ਕਿ ਉਸ ਨੂੰ ਵੱਡੇ ਸਿਆਸੀ ਮੁੱਦਿਆਂ ‘ਤੇ ਰਾਜ ਅਤੇ ਕੇਂਦਰ ਸਰਕਾਰਾਂ ਵਿਰੁੱਧ ਬੋਲਣ ਦੀ ਸਜ਼ਾ ਦਿੱਤੀ ਜਾ ਰਹੀ ਹੈ, ਜੋ ਕਿ ਇਸ ਦੇਸ਼ ਦੇ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ।’
ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਉਸ ਦੀ ਨਜ਼ਰਬੰਦੀ ਦਾ ਆਧਾਰ ਮੁੱਖ ਤੌਰ ‘ਤੇ ਦੁਨੀਆ ਭਰ ਦੇ ਵੱਖ-ਵੱਖ ਵਿਅਕਤੀਆਂ ਵੱਲੋਂ ਅਪਲੋਡ ਕੀਤੀਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਹਨ। ਜਿਸ ਦਾ ਸ਼ਾਇਦ ਹੀ ਪੰਜਾਬ ਰਾਜ ਵਿੱਚ ਕੋਈ ਅਸਰ ਪਿਆ ਹੋਵੇ। ਭਾਰਤੀ ਰਾਜ ਦੀ ਸੁਰੱਖਿਆ ਇੰਨੀ ਕਮਜ਼ੋਰ ਨਹੀਂ ਹੋ ਸਕਦੀ ਕਿ ਇਹ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰਭਾਵਿਤ ਹੋ ਸਕੇ।
ਅੰਮ੍ਰਿਤਪਾਲ ਸਿੰਘ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਐਨਐਸਏ ਤਹਿਤ ਭਾਰਤ ਦੀ ਸੁਰੱਖਿਆ ਸਬੰਧੀ ਦਿੱਤੇ ਹੁਕਮਾਂ ਨੂੰ ਵੀ ਗਲਤ ਦੱਸਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਦਾ ਜ਼ਿਲ੍ਹਾ ਮੈਜਿਸਟਰੇਟ NSA ਦੀ ਧਾਰਾ 3(3) ਤਹਿਤ “ਭਾਰਤ ਦੀ ਸੁਰੱਖਿਆ” ਦੇ ਸਬੰਧ ਵਿੱਚ ਕੋਈ ਹੁਕਮ ਜਾਰੀ ਨਹੀਂ ਕਰ ਸਕਦਾ ਅਤੇ ਸਿਰਫ਼ ਕੇਂਦਰ ਸਰਕਾਰ ਜਾਂ ਕੋਈ ਰਾਜ ਸਰਕਾਰ ਹੀ ਧਾਰਾ 3(1) ਤਹਿਤ ਕੋਈ ਹੁਕਮ ਜਾਰੀ ਕਰ ਸਕਦੀ ਹੈ।
ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਬਿਨਾਂ ਕਿਸੇ ਰਸਮੀ ਦੋਸ਼ਾਂ ਦੇ 12 ਮਹੀਨਿਆਂ ਤੱਕ ਕਿਸੇ ਵਿਅਕਤੀ ਨੂੰ ਹਿਰਾਸਤ ਵਿੱਚ ਰੱਖਣ ਦੀ ਇਜਾਜ਼ਤ ਦਿੰਦਾ ਹੈ, ਪਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦੀ ਮਿਆਦ 3 ਮਹੀਨੇ ਹੋਰ ਵਧਾ ਦਿੱਤੀ ਗਈ ਹੈ।
ਚੋਣਾਂ ਤੋਂ ਪਹਿਲਾਂ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਨੌਂ ਸਾਥੀਆਂ ਨੂੰ ਪੰਜਾਬ ਸ਼ਿਫਟ ਕਰਨ ਦੇ ਕਈ ਯਤਨ ਕੀਤੇ, ਜੋ ਅਸਫਲ ਰਹੇ। ਅਖ਼ੀਰ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਵਿਚ ਉਤਾਰਨ ਦੀ ਕੋਸ਼ਿਸ਼ ਕੀਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਖਡੂਰ ਸਾਹਿਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਇਸ ਹੱਦ ਤੱਕ ਨਕਾਰ ਦਿੱਤਾ ਕਿ ਅੰਮ੍ਰਿਤਪਾਲ 1.97 ਲੱਖ ਵੋਟਾਂ ਦੇ ਫਰਕ ਨਾਲ ਜੇਤੂ ਰਹੇ।
ਜੇਕਰ ਸਰਕਾਰ ਚੋਣ ਨਤੀਜਿਆਂ ਨੂੰ ਦੇਖਦੇ ਹੋਏ ਐਨਐਸਏ ਨੂੰ ਹਟਾ ਦਿੰਦੀ ਹੈ ਤਾਂ ਵੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤਾਂ ਵਿੱਚ ਫਸੇ ਰਹਿਣਾ ਪਵੇਗਾ। ਅੰਮ੍ਰਿਤਪਾਲ ਸਿੰਘ ਖਿਲਾਫ ਥਾਣਾ ਅਜਨਾਲਾ ਵਿਖੇ ਗੈਰ-ਕਾਨੂੰਨੀ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਸਦੇ ਖਿਲਾਫ ਆਸਾਮ ਦੇ ਥਾਣੇ ‘ਚ ਵੀ ਮਾਮਲਾ ਦਰਜ ਹੈ। ਜਿਸ ‘ਚ ਪੁਲਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ੍ਹ ‘ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।