- ਜਲ ਸ਼ਕਤੀ ਰਾਜ ਮੰਤਰੀ ਵੀ ਸੋਮੰਨਾ ਨੇ ਸੰਸਦ ਮੈਂਬਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੱਤਾ
ਲੁਧਿਆਣਾ, 1 ਅਗਸਤ, 2024: ਜਲ ਸ਼ਕਤੀ ਰਾਜ ਮੰਤਰੀ ਵੀ ਸੋਮੰਨਾ ਨੇ 25 ਜੁਲਾਈ, 2024 ਤੱਕ ਜਲ ਜੀਵਨ ਮਿਸ਼ਨ (ਜੇਜੇਐਮ) ਦੇ ਤਹਿਤ ਪੇਂਡੂ ਘਰਾਂ ਵਿੱਚ ਟੂਟੀ ਦੇ ਪਾਣੀ ਦੇ ਕੁਨੈਕਸ਼ਨਾਂ ਦੀ ਰਾਜ/ਯੂਟੀ-ਵਾਰ ਸਥਿਤੀ ਉਪਲਬਧ ਕਰਵਾਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ 11 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ 100 ਪ੍ਰਤੀਸ਼ਤ ਪੇਂਡੂ ਪਰਿਵਾਰਾਂ ਨੂੰ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਪ੍ਰਦਾਨ ਕੀਤੇ ਗਏ ਹਨ।
ਇਹ ਜਾਣਕਾਰੀ ਮੰਤਰੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਦਿੱਤੀ।
ਉਪਲਬਧ ਅੰਕੜਿਆਂ ਦੇ ਅਨੁਸਾਰ, ਕੁੱਲ 11 ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ – ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਰੁਣਾਚਲ ਪ੍ਰਦੇਸ਼, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਗੋਆ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਮਿਜ਼ੋਰਮ, ਪੁਡੂਚੇਰੀ, ਪੰਜਾਬ ਅਤੇ ਤੇਲੰਗਾਨਾ ਰਾਜ ਹਨ, ਜਿੱਥੇ ਸਾਰੇ ਪਰਿਵਾਰਾਂ ਨੂੰ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਹਨ।
ਅੰਕੜਿਆਂ ਅਨੁਸਾਰ ਪੰਜਾਬ ਦੇ ਕੁੱਲ 34.19 ਲੱਖ ਪੇਂਡੂ ਪਰਿਵਾਰਾਂ ਨੂੰ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਹਨ।
ਪੱਛਮੀ ਬੰਗਾਲ ਦੇਸ਼ ਭਰ ਵਿੱਚ ਸਭ ਤੋਂ ਹੇਠਾਂ ਹੈ ਜਿੱਥੇ ਕੁੱਲ 89.25 ਲੱਖ ਪੇਂਡੂ ਪਰਿਵਾਰਾਂ (50.92 ਪ੍ਰਤੀਸ਼ਤ) ਨੂੰ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਪ੍ਰਦਾਨ ਕੀਤੇ ਗਏ ਹਨ।
ਅੱਜ ਇੱਕ ਬਿਆਨ ਵਿੱਚ, ਅਰੋੜਾ ਨੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਦੇ ਸਵਾਲ ਦਾ ਜਵਾਬ ਦਿੱਤਾ ਕਿ ਭਾਰਤ ਸਰਕਾਰ ਰਾਜਾਂ ਦੇ ਨਾਲ ਸਾਂਝੇਦਾਰੀ ਵਿੱਚ ਜਲ ਜੀਵਨ ਮਿਸ਼ਨ (ਜੇਜੇਐਮ)-ਹਰ ਘਰ ਜਲ ਨੂੰ ਲਾਗੂ ਕਰ ਰਹੀ ਹੈ ਤਾਂ ਜੋ ਹਰ ਪੇਂਡੂ ਘਰ ਵਿੱਚ ਟੂਟੀ ਦੇ ਪਾਣੀ ਦੀ ਸਪਲਾਈ ਦਾ ਪ੍ਰਬੰਧ ਕੀਤਾ ਜਾ ਸਕੇ।
15 ਅਗਸਤ 2019 ਨੂੰ ਜਲ ਜੀਵਨ ਮਿਸ਼ਨ ਦੀ ਘੋਸ਼ਣਾ ਦੇ ਸਮੇਂ, 3.23 ਕਰੋੜ (17%) ਪੇਂਡੂ ਪਰਿਵਾਰਾਂ ਕੋਲ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਸਨ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ 25 ਜੁਲਾਈ, 2024 ਤੱਕ ਦਿੱਤੀ ਗਈ ਜਾਣਕਾਰੀ ਦੇ ਮੁਤਾਬਿਕ, ਹੁਣ ਤੱਕ ਲਗਭਗ 11.78 ਕਰੋੜ ਅਡੀਸ਼ਨਲ ਪੇਂਡੂ ਪਰਿਵਾਰਾਂ ਨੂੰ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਪ੍ਰਦਾਨ ਕੀਤੇ ਗਏ ਹਨ। ਇਸ ਤਰ੍ਹਾਂ, 25 ਜੁਲਾਈ, 2024 ਤੱਕ, ਦੇਸ਼ ਦੇ 19.32 ਕਰੋੜ ਪੇਂਡੂ ਪਰਿਵਾਰਾਂ ਵਿੱਚੋਂ, ਲਗਭਗ 15.01 ਕਰੋੜ (77.69%) ਪਰਿਵਾਰਾਂ ਦੇ ਘਰਾਂ ਵਿੱਚ ਟੂਟੀ ਦੇ ਪਾਣੀ ਦੀ ਸਪਲਾਈ ਕੀਤੀ ਜਾ ਚੁੱਕੀ ਹੈ।