… ਹਫਤੇ ‘ਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਡਿਗਰੀਆਂ ਨਾ ਮਿਲੀਆਂ ਤਾਂ ਸੰਘਰਸ਼ ਵਿੱਢੇਗੀ ਆਪ
ਜਲੰਧਰ/ਚੰਡੀਗੜ੍ਹ, 5 ਜਨਵਰੀ 2021 2021 – ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਸਰਕਾਰ ਵੱਲੋਂ ਐਸਸੀ ਸਕਾਲਰਸ਼ਿੱਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜਾਂ ਵੱਲੋਂ ਰੋਕਿਆ ਜਾਣਾ ਬਹੁਤ ਨਿੰਦਣਯੋਗ ਹੈ। ਇਹ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਕੇ ਡਿਗਰੀਆਂ ਰੋਕਣ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਚਾਲੇ ਪਏ ਸਕਾਲਰਸ਼ਿੱਪ ਦੇ ਰੇੜਕੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਪੰਜਾਬ ਦੇ ਵੱਡੀ ਗਿਣਤੀ ਦਲਿਤ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਲਜਾਂ ਵਿੱਚੋਂ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿੱਪ ਦੇ ਅਧੀਨ ਡਿਗਰੀਆਂ ਪੂਰੀਆਂ ਕੀਤੀਆਂ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਸਕਾਲਰਸ਼ਿੱਪ ਦਾ ਪੈਸਾ ਨਾ ਮਿਲਣ ਕਾਰਨ ਹੁਣ ਪ੍ਰਾਈਵੇਟ ਕਾਲਜਾਂ ਨੇ ਉਨ੍ਹਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਹਨ। ਇਸ ਨਾਲ ਪੰਜਾਬ ਦੇ ਕਰੀਬ 7 ਲੱਖ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਅੱਗੇ ਪੜ੍ਹਾਈ ਜਾਰੀ ਰੱਖਣੀ ਹੈ ਜਾਂ ਕਿਤੇ ਨੌਕਰੀ ਲਈ ਅਪਲਾਈ ਕਰਨਾ ਹੈ ਹੁਣ ਉਸ ਤੋਂ ਵਾਂਝੇ ਰਹਿ ਰਹੇ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 63 ਕਰੋੜ ਰੁਪਏ ਦੇ ਘੁਟਾਲੇ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੇ ਸਕਾਲਰਸ਼ਿੱਪ ਦੀ ਅਗਲੀ ਕਿਸਤ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਕਿ ਇਨ੍ਹਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹੁਣ ਧੁੰਦਲਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਹੋਰ ਦਲਿਤ ਜਥੇਬੰਦੀਆਂ ਵੱਲੋਂ ਲਗਾਤਾਰ ਮੰਤਰੀ ਸਾਧੂ ਸਿੰਘ ਧਰਮਸੋਤ ਉਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰੰਤੂ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ।
ਅਸੀਂ ਮੰਗ ਕਰਦੇ ਹਾਂ ਕਿ ਇਸ ਘੁਟਾਲੇ ਦੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਧੀਨ ਸੀਬੀਆਈ ਤੋਂ ਜਾਂਚ ਕਰਵਾਉਂਦੇ ਹੋਏ ਐਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਦੇ ਨਾਮ ਜਨਤਕ ਕਰਦੇ ਹੋਏ ਉਨ੍ਹਾਂ ਨੂੰ ਬਣਦੀ ਸਜਾ ਦਿੱਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫਤੇ ਦੇ ਵਿੱਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਨਾ ਮਿਲੀਆਂ, ਦੋਸ਼ੀ ਕਾਲਜਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ।