- ਕੱਲ੍ਹ ਵਿਦੇਸ਼ ਮੰਤਰੀ ਨੇ ਬੰਗਲਾਦੇਸ਼ ਹਿੰਸਾ ‘ਤੇ ਕੀਤੀ ਸੀ ਗੱਲ
ਨਵੀਂ ਦਿੱਲੀ, 7 ਅਗਸਤ 2024 – ਬੁੱਧਵਾਰ (7 ਅਗਸਤ) ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 13ਵਾਂ ਦਿਨ ਹੈ। ਅੱਜ ਕੇਂਦਰ ਸਰਕਾਰ ਮੌਜੂਦਾ ਵਕਫ਼ ਐਕਟ ਵਿੱਚ ਕਰੀਬ 40 ਸੋਧਾਂ ਲਈ ਬਿੱਲ ਲਿਆ ਸਕਦੀ ਹੈ। ਮੌਜੂਦਾ ਸਮੇਂ ਵਿਚ ਵਕਫ਼ ਕੋਲ ਕਿਸੇ ਵੀ ਜ਼ਮੀਨ ਨੂੰ ਆਪਣੀ ਜਾਇਦਾਦ ਘੋਸ਼ਿਤ ਕਰਨ ਦਾ ਅਧਿਕਾਰ ਹੈ। ਨਵੇਂ ਬਿੱਲ ‘ਚ ਇਸ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ।
ਸੈਸ਼ਨ ਦੇ 12ਵੇਂ ਦਿਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੰਗਲਾਦੇਸ਼ ਦੀ ਤਾਜ਼ਾ ਸਥਿਤੀ ‘ਤੇ ਸੰਸਦ ਦੇ ਦੋਵਾਂ ਸਦਨਾਂ ‘ਚ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਗੁਆਂਢੀ ਦੇਸ਼ ਸਿਆਸੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਭਾਰਤ ਸਰਕਾਰ ਉਥੋਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ।
ਜੈਸ਼ੰਕਰ ਨੇ ਅੱਗੇ ਕਿਹਾ ਕਿ ਬੰਗਲਾਦੇਸ਼ ‘ਚ ਲੋਕ ਸੜਕਾਂ ‘ਤੇ ਹਨ। ਉਥੇ ਹਿੰਦੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਚਿੰਤਾ ਦਾ ਵਿਸ਼ਾ ਹੈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਸਥਿਤੀ ਵਿਗੜ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਅਸਤੀਫੇ ਤੋਂ ਬਾਅਦ ਸ਼ੇਖ ਹਸੀਨਾ ਨੇ ਭਾਰਤ ਆਉਣ ਦੀ ਇਜਾਜ਼ਤ ਮੰਗੀ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਉਨ੍ਹਾਂ ਦੇ ਆਉਣ ਦੇ ਪ੍ਰਬੰਧ ਕੀਤੇ।
ਮੰਗਲਵਾਰ ਨੂੰ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ I.N.D.I.A. ਬਲਾਕ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਉਹ ਜੀਵਨ ਬੀਮਾ ਅਤੇ ਸਿਹਤ ਬੀਮਾ ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਰੱਖਣ ਦੀ ਮੰਗ ਕਰ ਰਹੇ ਸਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਵਿੱਤ ਮੰਤਰੀ ਤੋਂ ਇਹ ਮੰਗ ਕੀਤੀ ਹੈ।