ਕਪੂਰਥਲਾ, 17 ਅਗਸਤ 2024 – ਸ਼ੁੱਕਰਵਾਰ ਨੂੰ ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਭਗਵਾਨਪੁਰ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ ਦੇ ਮਾਮਲੇ ‘ਚ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆਈ ਸੰਗਤ ਵੱਲੋਂ ਥਾਣਾ ਭੁਲੱਥ ਦੇ ਸਰਕਾਰੀ ਹਸਪਤਾਲ ਦੇ ਬਾਹਰ ਲਾਇਆ ਧਰਨਾ ਦੇਰ ਰਾਤ ਕੇਸ ਦਰਜ ਹੋਣ ਮਗਰੋਂ ਸਮਾਪਤ ਹੋ ਗਿਆ।
ਦੱਸ ਦਈਏ ਕਿ ਭੁਲੱਥ ਇਲਾਕੇ ਦੇ ਪਿੰਡ ਭਗਵਾਨਪੁਰ ‘ਚ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ‘ਚ ਬੇਅਦਬੀ ਦੇ ਦੋਸ਼ ‘ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗੁੱਸੇ ਵਿੱਚ ਆਈ ਭੀੜ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ। ਮੁਲਜ਼ਮ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਦਾ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਨੇ ਭੁਲੱਥ ਹਸਪਤਾਲ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ।
ਇਲਾਕੇ ਦੇ ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਐਸਐਸਪੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ। ਦੇਰ ਰਾਤ ਤੱਕ ਚੱਲੀ ਇਹ ਹੜਤਾਲ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਵੱਲੋਂ ਦਿੱਤੇ ਭਰੋਸੇ ਮਗਰੋਂ ਸਮਾਪਤ ਕਰ ਦਿੱਤੀ ਗਈ।
ਐਸਐਸਪੀ ਨੇ ਕਿਹਾ ਕਿ ਮੁਲਜ਼ਮ ਨੌਜਵਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭੁਲੱਥ ਵਿਖੇ ਦਰਜ ਕਰਵਾਈ ਐਫ.ਆਈ.ਆਰ ਵਿਚ ਸ੍ਰੀ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਤਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸ਼ੁੱਕਰਵਾਰ ਦੁਪਹਿਰ ਕਰੀਬ 2.30 ਵਜੇ ਆਪਣੇ ਦੋਸਤ ਮੋਹਨ ਸਿੰਘ ਨਾਲ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਦੇਖਿਆ ਕਿ ਤਾਲਾ ਗੁਰਦੁਆਰਾ ਸਾਹਿਬ ਦੇ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਇੱਕ ਨੌਜਵਾਨ ਗੋਲਕ ਵਿੱਚੋਂ ਪੈਸੇ ਕੱਢ ਰਿਹਾ ਸੀ। ਉਸ ਨੇ ਗੁਰਦੁਆਰਾ ਸਾਹਿਬ ਅੰਦਰ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਚੁੱਕ ਕੇ ਇਕ ਪਾਸੇ ਰੱਖ ਦਿੱਤਾ ਸੀ ਅਤੇ 5-6 ਪਾਵਨ ਸਰੂਪਾਂ ਨੂੰ ਪਾੜ ਕੇ ਉਨ੍ਹਾਂ ਦੀ ਬੇਅਦਬੀ ਵੀ ਕੀਤੀ ਸੀ।
ਇਸ ਘਟਨਾ ਨੂੰ ਅੰਜਾਮ ਦੇ ਕੇ ਉਸ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਦੇ ਹੋਰ ਲੋਕ ਵੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਦੋਸ਼ੀ ਨੌਜਵਾਨ ਨੂੰ ਫੜ ਕੇ ਪੁੱਛਗਿੱਛ ਕੀਤੀ ਗਈ। ਮੁਲਜ਼ਮ ਦੀ ਪਛਾਣ ਹਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਡੋਗਰਾਂਵਾਲ, ਥਾਣਾ ਸੁਭਾਨਪੁਰ ਵਜੋਂ ਹੋਈ ਹੈ। ਸ਼ਿਕਾਇਤਕਰਤਾ ਤਰਨਜੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਭੁਲੱਥ ਦੀ ਪੁਲੀਸ ਨੇ ਮੁਲਜ਼ਮ ਹਰਦੇਵ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 299, 331, 305 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।