- ਵੰਡੀ ਜਾਵੇਗੀ 9.35 ਕਰੋੜ ਰੁਪਏ ਦੀ ਨਕਦ ਰਾਸ਼ੀ
ਚੰਡੀਗੜ੍ਹ, 18 ਅਗਸਤ 2024 – ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਅੱਜ ਐਤਵਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਖਿਡਾਰੀਆਂ ਨੂੰ ਕੁੱਲ 9.35 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਹ ਪ੍ਰੋਗਰਾਮ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ 1-1 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਟੀਮ ਵਿੱਚ ਸ਼ਾਮਲ 11 ਖਿਡਾਰੀਆਂ ਵਿੱਚੋਂ 10 ਪੰਜਾਬ ਨਾਲ ਸਬੰਧਤ ਹਨ। ਇਨ੍ਹਾਂ ਖਿਡਾਰੀਆਂ ਵਿੱਚ ਹਰਦਿਕ ਸਿੰਘ, ਕ੍ਰਿਸ਼ਨ ਬਹਾਦਰ ਪਾਠਕ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ, ਜੁਗਰਾਜ ਸਿੰਘ, ਹਰਮਨਪ੍ਰੀਤ ਸਿੰਘ ਅਤੇ ਜਰਮਨਪ੍ਰੀਤ ਸਿੰਘ ਸ਼ਾਮਲ ਹਨ। ਕੁਝ ਦਿਨ ਪਹਿਲਾਂ ਕੁਝ ਖਿਡਾਰੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਮੁਲਾਕਾਤ ਕੀਤੀ ਸੀ।
ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਸਰਕਾਰ ਵੱਲੋਂ 15-15 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਵੱਖ-ਵੱਖ ਖੇਡਾਂ ਵਿੱਚ ਕੁੱਲ 19 ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਵਿੱਚ ਸ਼ੂਟ ਸਿਫਤ ਕੌਰ ਸਮਰਾ, ਅੰਜੁਮ ਮੌਦਗਿਲ, ਵਿਜੇਵੀਰ ਸਿੰਘ ਸਿੱਧੂ, ਅਰਜੁਨ ਸਿੰਘ ਚੀਮਾ, ਅਰਜੁਨ ਬਬੂਟਾ ਅਤੇ ਰਾਜੇਸ਼ਵਰੀ ਕੁਮਾਰੀ ਸ਼ਾਮਲ ਹਨ।
ਤਜਿੰਦਰਪਾਲ ਸਿੰਘ ਤੂਰ ਸ਼ਾਟ ਪੁਟ ਵਿੱਚ, ਅਕਸ਼ਦੀਪ ਸਿੰਘ ਵਾਕਿੰਗ ਵਿੱਚ, ਗੋਲਫਰ ਗਗਨਜੀਤ ਭੁੱਲਰ ਅਤੇ ਹਾਕੀ ਟੀਮ ਦੇ ਬਾਕੀ ਖਿਡਾਰੀ ਸ਼ਾਮਲ ਹਨ। ਹਾਲਾਂਕਿ ਪਿਛਲੀ ਵਾਰ ਹਾਕੀ ਟੀਮ ਦੇ ਖਿਡਾਰੀਆਂ ਨੂੰ ਪੰਜਾਬ ਪੁਲਿਸ ਸਰਵਿਸ ਅਤੇ ਪੰਜਾਬ ਸਿਵਲ ਸਰਵਿਸ ਦੇ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਸੀ।