ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਈਟੀਓ

  • ਬਿਜਲੀ ਖਪਤਕਾਰਾਂ ਨੂੰ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਨਾ ਹੋਣ ਦੀ ਕੀਤੀ ਅਪੀਲ
  • ਬਿਜਲੀ ਬਚਾਉਣ ਦੀਆਂ ਆਦਤਾਂ ਨੂੰ ਅਪਣਾਉਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ, 25 ਅਗਸਤ 2024 – ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ। ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ ‘ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਜਲੰਧਰ ਜ਼ੋਨ ਵਿੱਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਿਤ ਖਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਜੁਰਮਾਨਾ ਲਗਾਉਣ ਤੋਂ ਇਲਾਵਾ, ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਸਬੰਧਿਤ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਵੱਧ ਤੋਂ ਵੱਧ ਪੱਧਰ ਤੱਕ ਘਟਾ ਦੇਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਰੋਕਣ ਲਈ ਇਹ ਮੁਹਿੰਮ ਸਮੇਂ ਦੀ ਲੋੜ ਹੈ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਲਤੀਆਂ ਨਾ ਕਰਨ।

ਬਿਜਲੀ ਮੰਤਰੀ ਨੇ ਕਿਹਾ ਕਿ ਸਮੂਹਿਕ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਅਜਿਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਬਿਜਲੀ ਵਿਭਾਗ ਦੀ ਮਦਦ ਕਰਨ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਸਟਮ ਅਧੀਨ ਲਿਆਂਦਾ ਜਾ ਸਕੇ। ਉਨ੍ਹਾਂ ਪਾਵਰਕੌਮ ਦੇ ਅਧਿਕਾਰੀਆਂ ਦੀ ਬਿਜਲੀ ਚੋਰੀ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸ਼ਲਾਘਾ ਕੀਤੀ।

ਇਸ ਦੌਰਾਨ, ਰਾਜ ਦੇ ਆਰਥਿਕ ਵਿਕਾਸ ਅਤੇ ਸਥਿਰਤਾ ਲਈ ਊਰਜਾ ਦੀ ਬਚਤ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਬਿਜਲੀ ਮੰਤਰੀ ਨੇ ਹਰੇਕ ਯੂਨਿਟ ਦੀ ਬੱਚਤ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਬਿਜਲੀ ਬਚਾਉਣ ਦੀਆਂ ਆਦਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਥਿਰ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ, ਜੈਵਿਕ ਈਂਧਨ ‘ਤੇ ਸਾਡੀ ਨਿਰਭਰਤਾ ਨੂੰ ਘਟਾਉਣ, ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘਟਾਉਣ ਲਈ ਬਿਜਲੀ ਦੀ ਸੰਭਾਲ ਮਹੱਤਵਪੂਰਨ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਾ. ਬਲਬੀਰ ਸਿੰਘ ਵੱਲੋਂ ਪਿੰਡਾਂ ‘ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ‘ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

ਪੰਜਾਬ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਕਰ ਰਹੀ ਹੈ ਗੰਭੀਰ ਉਪਰਾਲੇ – ਡਾ. ਬਲਬੀਰ ਸਿੰਘ