ਚੰਡੀਗੜ੍ਹ, 28 ਅਗਸਤ 2024 – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ ਹੈ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ।
ਇਸ ਤੋਂ ਪਹਿਲਾਂ ਸ਼ੁਰੂ ਵਿੱਚ ਸਰਕਾਰੀ ਵਕੀਲ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਅਤੇ ਉਸਦੇ ਮਾਤਾ-ਪਿਤਾ ਦੀ ਉਮਰ ਗਲਤ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਧ ਕਰਨ ਲਈ ਸਮਾਂ ਮੰਗਿਆ ਸੀ।
ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਅਜਨਾਲਾ ਥਾਣੇ ‘ਤੇ ਹਮਲੇ ਸਮੇਤ 12 ਐੱਫ.ਆਈ.ਆਰਜ਼ ‘ਚ ਵੀ ਮੁਲਜ਼ਮ ਹੈ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਦੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਹੈ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ ਨੂੰ ਕਰੀਬ 1.97 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਖਡੂਰ ਸਾਹਿਬ ਤੋਂ ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਪੈਰੋਲ ਮਿਲੀ ਸੀ।