ਸਿੰਘੂ ਬਾਰਡਰ, 7 ਜਨਵਰੀ 2021 – ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰ ਰਹੇ ਕਿਸਾਨ ਅੱਜ ਟਰੈਕਟਰ ਮਾਰਚ ਕਰਕੇ ਦਿੱਲੀ ਨੂੰ ਚਾਰੇ ਪਾਸਿਓਂ ਘੇਰਾ ਪਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਵਖਤ ਪਾਉਣ ਦੀ ਤਿਆਰੀ ਕਰ ਲਈ ਗਈ ਹੈ। ਕਿਸਾਨਾਂ ਵੱਲੋਂ ਅੱਜ ਸਵੇਰ 11 ਵਜੇ ਸਿੰਘੂ, ਟਿੱਕਰੀ, ਗਾਜੀਪੁਰ ਤੇ ਸ਼ਾਹਜਹਾਂਪੁਰ ਤੋਂ ਕੁੰਢਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ਲਈ ਟ੍ਰੈਕਟਰ ਮਾਰਚ ਸ਼ੁਰੂ ਕੀਤਾ ਗਿਆ ਹੈ। ਜਿਸ ‘ਚ ਵੱਡੀ ਗਿਣਤੀ ‘ਚ ਕਿਸਾਨ ਸ਼ਾਮਿਲ ਹੋ ਰਹੇ ਹਨ।
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹਜ਼ਾਰਾਂ ਦੀ ਤਾਦਾਦ ‘ਚ ਦਿੱਲੀ ਤੇ ਇਸ ਦੀਆਂ ਸਰਹੱਦਾਂ ਦੇ ਆਸਪਾਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੱਜ 43ਵਾਂ ਦਿਨ ਹੈ। 8 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਅੱਠਵੇਂ ਦੌਰ ਦੀ ਗੱਲਬਾਤ ਹੋਣੀ ਹੈ। ਪਰ ਉਸ ਤੋਂ ਪਹਿਲਾਂ ਸਰਕਾਰ ‘ਤੇ ਦਬਾਅ ਬਣਾਉਣ ਲਈ ਕਿਸਾਨ ਵੀਰਵਾਰ ਯਾਨੀ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ।
ਪ੍ਰਦਰਸ਼ਨਕਾਰੀ ਕਿਸਾਨਾਂ ਤੇ ਤਿੰਨ ਕੇਂਦਰੀ ਮੰਤਰੀਆਂ ਦੇ ਵਿਚ ਇਸ ਤੋਂ ਪਹਿਲਾਂ 4 ਜਨਵਰੀ ਨੂੰ ਅੱਠਵੇਂ ਦੌਰ ਦੀ ਹੋਈ ਵਾਰਤਾ ਬੇਨਤੀਜਾ ਰਹੀ ਸੀ। ਕਿਸਾਨ ਜਥੇਬੰਦੀਆਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਅ ਜਾਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਉੱਥੇ ਹੀ ਸਰਕਾਰ ਲਗਾਤਾਰ ਤਿੰਨ ਨਵੇਂ ਕਾਨੂੰਨਾਂ ਦੇ ਫਾਇਦੇ ਗਿਣਾਉਣ ‘ਚ ਲੱਗੀ ਹੋਈ ਹੈ।