ਚੰਡੀਗੜ੍ਹ, 30 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨ ਵਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਵਾਂਗਾ ਅਤੇ ਖ਼ਿਮਾ ਜਾਚਨਾ ਕਰਾਂਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਇਨ੍ਹਾਂ ਫੈਸਲਿਆਂ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।