ਲਾਲਪੁਰਾ ਦੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼: ਐਡਵੋਕੇਟ ਧਾਮੀ ਨੇ ਕਿਹਾ ਲਾਲਪੁਰਾ ਨੇ ‘ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ’

  • ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਾਰਵਾਈ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 11 ਸਤੰਬਰ 2024 – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਉਂਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਦੇ ਖ਼ਿਲਾਫ਼ ਮਨਘੜਤ ਬਿਆਨਬਾਜ਼ੀ ਕੀਤੀ ਹੈ। ਜਿਸ ਕਾਰਨ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਵੱਲੋਂ ਅਜਿਹੇ ਬਿਆਨ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹਨ। ਜਿਸ ਲਈ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੁੜਦੀ ਹੈ ਅਤੇ ਅਵਤਾਰਵਾਦ ਦੀ ਸਿੱਖ ਧਰਮ ਵਿੱਚ ਕੋਈ ਥਾਂ ਨਹੀਂ ਹੈ। ਲਾਲਪੁਰਾ ਦਾ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹਿੱਸਾ ਹੈ। ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਸਿੱਖ ਵਿਰੋਧੀ ਕਾਰਵਾਈ ਨਾ ਵਾਪਰੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਚੀਨ ਨੇ ਲੱਦਾਖ ‘ਚ ਦਿੱਲੀ ਜਿੰਨੀ ਜ਼ਮੀਨ ‘ਤੇ ਕਬਜ਼ਾ ਕੀਤਾ: ਮੋਦੀ ਚੀਨ ਨੂੰ ਸੰਭਾਲਣ ਦੇ ਸਮਰੱਥ ਨਹੀਂ’ – ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ

ਅਮਰੀਕਾ ‘ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ