ਸ੍ਰੀ ਮੁਕਤਸਰ ਸਾਹਿਬ, 21 ਸਤੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਵਿਕਾਸ ਦੀ ਗਤੀ ਰੁਕਣ ਨਹੀਂ ਦੇਵੇਗੀ ਅਤੇ ਲੋਕਾਂ ਲਈ ਹਰ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਲੱਗਭਗ 34.56 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ 44 ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਸ਼ੁਕਰਵਾਰ ਦੇਰ ਸ਼ਾਮ ਤੱਕ ਉਨ੍ਹਾਂ ਪਿੰਡ ਸੂਰੇਵਾਲਾ, ਆਸਾ ਬੁੱਟਰ, ਲੁਹਾਰਾ, ਬੁੱਟਰ ਸ਼ਰੀਹ, ਬੁੱਟਰ ਬਖੂਹਾ ਵਿੱਚ ਨਵੀਆਂ ਅਤੇ ਮੁਰੰਮਤਯੋਗ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਇਲਾਵਾ ਗਿੱਦੜਬਾਹਾ ਸੀਵਰੇਜ਼ ਸਿਸਟਮ ਨੂੰ ਠੀਕ ਕਰਨ ਅਤੇ ਗਲੀਆਂ ਸੜਕਾਂ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਵੱਖ-ਵੱਖ ਥਾਂਵਾਂ ਤੇ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਦੱਸਿਆ ਕਿ ਪੰਜ ਪਿੰਡਾਂ ਦੀਆਂ 23 ਸੜਕਾਂ, ਫਿਰਨੀਆਂ ਅਤੇ ਲਿੰਕ ਸੜਕਾਂ ਦੇ ਨਵੀਨੀਕਰਨ ਨਾਲ ਇਨ੍ਹਾਂ ਪਿੰਡ ਦੇ ਵਾਸੀਆਂ ਨੂੰ ਫਾਇਦਾ ਹੋਵੇਗਾ ਅਤੇ ਆਵਾਜਾਈ ਦੀ ਸੌਖ ਮਿਲੇਗੀ ।
ਉਹਨਾਂ ਗਿੱਦੜਬਾਹਾ ਵਿਖੇ ਲੱਗਭਗ 19 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਨਿਕਾਸ ਦਾ ਮਸਲਾ ਜਲਦ ਹੱਲ ਹੋ ਜਾਵੇਗਾ । ਇਸ ਤੋਂ ਇਲਾਵਾ ਲੋਕਾਂ ਨੂੰ ਗਲੀਆਂ ਅਤੇ ਸੜਕਾਂ ਤੇ ਆਵਾਜਾਈ ਲਈ ਵੀ ਕਾਫੀ ਰਾਹਤ ਮਿਲੇਗੀ।
ਉਹਨਾਂ ਆਪਣੇ ਦੌਰੇ ਦੌਰਾਨ ਲੋਕਾਂ ਨੂੰ ਵਿਸ਼ਵਾਸ਼ ਦਵਾਇਆ ਕਿ ਗਿੱਦੜਬਾਹਾ ਹਲਕੇ ਦੇ ਬਕਾਇਆ ਕੰਮਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਕੇ ਜਲਦੀ ਨੇਪਰੇ ਚਾੜਿਆ ਜਾਵੇਗਾ ਤਾਂ ਜੋ ਗਿੱਦੜਬਾਹਾ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਵਿਧਾਇਕ ਧਰਮਕੋਟ, ਸ੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ, ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਮੌਜੂਦ ਸਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ., ਐਡਵੋਕੇਟ ਹਰਦੀਪ ਸਿੰਘ, ਜਗਮੋਹਨ ਸਿੰਘ ਸੁਖਣਾ, ਗੁਰਜੀਤ ਸਿੰਘ, ਗੁਰਸੇਵਕ ਸਿੰਘ, ਮੰਨਾ ਸਿੰਘ, ਜਸਵੀਰ ਸਿੰਘ, ਮਨਿੰਦਰ ਸਿੰਘ ਬਲਾਕ ਪ੍ਰਧਾਨ, ਟਰੱਕ ਯੂਨੀਅਨ ਪ੍ਰਧਾਨ ਕਿਰਨਪਾਲ ਸਿੰਘ,ਇਕਬਾਲ ਸਿੰਘ ਨੰਬਰਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।