ਨਵੀਂ ਦਿੱਲੀ, 9 ਜਨਵਰੀ 2021 – ਦੇਸ਼ ਵਿੱਚ ਕੋਰੋਨਾ ਵੈਕਸੀਨ ਲਾਉਣ ਦੀ ਸ਼ੁਰੂਆਤ 16 ਜਨਵਰੀ 2021 ਤੋਂ ਹੋ ਜਾਵੇਗੀ। ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਵੈਕਸੀਨ ਦਿੱਤੀ ਜਾਵੇਗੀ, ਜੋ ਕਿ ਮੁਫ਼ਤ ਹੋਵੇਗੀ। ਜਿਹਨਾਂ ਦੀ ਗਿਣਤੀ ਲਗਪਗ 3 ਕਰੋੜ ਹੈ। ਇਸ ਤੋਂ ਬਾਅਦ 50 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ।
ਕੋਰੋਨਾ ਵੈਕਸੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਅੱਜ ਕੋਰੋਨਾ ਦੇ ਟੀਕਾਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਉੱਚ ਪੱਧਰੀ ਬੈਠਕ ਕੀਤੀ। ਬੈਠਕ ‘ਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਅਤੇ ਸਿਹਤ ਸਕੱਤਰ ਤੋਂ ਇਲਾਵਾ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।
ਇਸ ਬੈਠਕ ‘ਚ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਜਲਦ ਸ਼ੁਰੂ ਹੋਣ ਵਾਲੀ ਟੀਕਾਕਰਨ ਮੁਹਿੰਮ ਦੀਆਂ ਤਿਆਰੀਆਂ ਕਰ ਰਹੀ ਹੈ। ਬੈਠਕ ‘ਚ ਚਰਚਾ ਤੋਂ ਬਾਅਦ ਇਹ ਤੈਅ ਹੋਇਆ ਕਿ ਲੋਹੜੀ, ਮਕਰ ਸੰਕਰਾਂਤੀ, ਪੋਂਗਲ, ਮਾਘ, ਬਿਹੂ ਵਰਗੇ ਤਿਉਹਾਰਾਂ ਦੇ ਮੱਦੇਨਜ਼ਰ ਦੇਸ਼ ‘ਚ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ।