- ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼
- ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ
- ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ
- ਮੁੱਖ ਮੰਤਰੀ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 1 ਅਕਤੂਬਰ 2024 – ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਲਿਆਂਦੀ ਗਈ ਕਿਸਾਨਾਂ ਦੀ ਜਿਣਸ ਦੀ ਖਰੀਦ ਅਤੇ ਲਿਫਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚੜ੍ਹਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੀਜ਼ਨ ਦੇ ਸਿਖਰ ਦੌਰਾਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਨਾ ਲੱਗਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੰਗਾਂ ਦੇ ਜਲਦੀ ਹੱਲ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।