ਤਲਵੰਡੀ ਸਾਬੋ, 13 ਨਵੰਬਰ 2024 – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ Z+ ਸਕਿਓਰਿਟੀ ਛੱਡ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ Z+ ਸਕਿਓਰਿਟੀ ਵਾਪਸ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਪਹਿਲਾਂ ਅਰਧ ਸੈਨਿਕ ਬਲਾਂ ਦੇ ਜਵਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿੰਦੇ ਸਨ, ਪਰ ਹੁਣ ਸਿਰਫ਼ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਹੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇਗੀ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਸੀ। ਕੁਝ ਦਿਨ ਪਹਿਲਾਂ ਵਿਰਸਾ ਸਿੰਘ ਵਲਟੋਹਾ ਨਾਲ ਹੋਏ ਵਿਵਾਦ ਮਗਰੋਂ ਉਨ੍ਹਾਂ ਨੇ ਜਥੇਦਾਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹੁਕਮਾਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਉਸ ਵੇਲੇ ਵੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਗਈ ਸੀ।