- ਕੈਨੇਡੀਅਨ ਸਰਕਾਰ ਨੇ ਪ੍ਰਸਾਰਣ ‘ਤੇ ਪਾਬੰਦੀ ਲਗਾਉਣ ਦੀ ਕੀਤੀ ਸੀ ਮੰਗ
ਨਵੀਂ ਦਿੱਲੀ, 15 ਨਵੰਬਰ 2024 – ਕੈਨੇਡਾ ਵਿੱਚ ਓਨਟਾਰੀਓ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਟੀਐਫ ਦੇ ਆਰਜ਼ੀ ਮੁਖੀ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਬਾਰੇ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਕੈਨੇਡਾ ਸਰਕਾਰ ਦੀ ਮੰਗ ‘ਤੇ ਲਿਆ ਗਿਆ ਹੈ।
ਦਰਅਸਲ ਕੈਨੇਡਾ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ਵਿੱਚ ਅਦਾਲਤੀ ਕਾਰਵਾਈ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਅਰਜ਼ੀ ਨੂੰ ਓਨਟਾਰੀਓ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਹ ਪਾਬੰਦੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਲਾਗੂ ਰਹੇਗੀ।
ਉੱਥੇ ਹੀ ਭਾਰਤ ਨੇ ਅਰਸ਼ ਡੱਲਾ ਦੀ ਹਵਾਲਗੀ ਲਈ ਰਸਮੀ ਬੇਨਤੀ ਕਰਨ ਦਾ ਸੰਕੇਤ ਦਿੱਤਾ ਹੈ। ਡੱਲਾ ‘ਤੇ ਭਾਰਤ ‘ਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਅਤੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਡੱਲਾ ਨੂੰ 2023 ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਘੋਸ਼ਿਤ ਕੀਤਾ ਸੀ।
ਜੁਲਾਈ 2023 ਵਿੱਚ, ਭਾਰਤ ਨੇ ਡੱਲਾ ਦੀ ਅਸਥਾਈ ਗ੍ਰਿਫਤਾਰੀ ਲਈ ਕੈਨੇਡੀਅਨ ਸਰਕਾਰ ਨੂੰ ਬੇਨਤੀ ਕੀਤੀ। ਹਾਲਾਂਕਿ, ਉਸ ਸਮੇਂ ਇਹ ਬੇਨਤੀ ਰੱਦ ਕਰ ਦਿੱਤੀ ਗਈ ਸੀ। ਪਰ ਹੁਣ ਕੈਨੇਡਾ ‘ਚ ਹੋਈ ਗ੍ਰਿਫਤਾਰੀ ਨੇ ਹਵਾਲਗੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ- ਅਸੀਂ ਕੈਨੇਡਾ ਵਿੱਚ ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਉਸਨੂੰ 10 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਕੈਨੇਡੀਅਨ ਪ੍ਰਿੰਟ ਅਤੇ ਵਿਜ਼ੂਅਲ ਮੀਡੀਆ ਨੇ ਇਸ ਘਟਨਾ ਬਾਰੇ ਵਿਆਪਕ ਤੌਰ ‘ਤੇ ਰਿਪੋਰਟ ਕੀਤੀ ਹੈ।