ਚੰਡੀਗੜ੍ਹ, 15 ਨਵੰਬਰ 2024 – ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜ਼ੋਰਦਾਰ ਪੈ ਰਹੀ ਠੰਡ ਦੇ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਹੁਣ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਰਕੇ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਹਵਾਈ ਮਾਰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ ਤਾਮਿਲਨਾਡੂ ਦੇ ਨੇੜੇ ਸਮੁੰਦਰ ਵਿੱਚ ਇੱਕ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਸ ਤੋਂ ਇਲਾਵਾ ਉੱਤਰੀ ਅਫਗਾਨਿਸਤਾਨ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜੋ ਪਾਕਿਸਤਾਨ ਦੇ ਉਪਰਲੇ ਵਾਯੂਮੰਡਲ ‘ਚ ਵੀ ਚੱਕਰਵਾਤ ਦਾ ਰੂਪ ਧਾਰਨ ਕਰ ਰਹੀ ਹੈ। ਇਸ ਕਾਰਨ ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧੇਗੀ।
ਅਗਲੇ 5 ਦਿਨਾਂ ‘ਚ ਉੱਤਰ-ਪੱਛਮੀ ਭਾਰਤ ਦੇ ਘੱਟੋ-ਘੱਟ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੱਧ ਭਾਰਤ ‘ਚ ਤਾਪਮਾਨ ਮੌਜੂਦਾ ਪੱਧਰ ‘ਤੇ ਰਹੇਗਾ, ਜਦਕਿ ਪੂਰਬੀ ਭਾਰਤ ‘ਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ। IMD ਨੇ ਚੇਤਾਵਨੀ ਦਿੱਤੀ ਹੈ ਕਿ ਉੱਤਰਾਖੰਡ, ਪੰਜਾਬ, ਹਰਿਆਣਾ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਛੱਤੀਸਗੜ੍ਹ ਵਿੱਚ 20 ਨਵੰਬਰ ਤੱਕ ਸੰਘਣੀ ਧੁੰਦ ਬਣੀ ਰਹੇਗੀ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਕਰਾਈਕਲ ਅਤੇ ਮਾਹੇ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।