- ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਗਿੱਲ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਸ਼ੂਟਰਾਂ ਨੂੰ ਲੌਜਿਟਿਕ ਸਹਾਇਤਾ ਕਰ ਰਿਹਾ ਸੀ ਪ੍ਰਦਾਨ: ਡੀਜੀਪੀ ਗੌਰਵ ਯਾਦਵ
- ਪੰਜਾਬ ਦੀ ਏਜੀਟੀਐਫ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਮਿਲ ਕੇ ਕੰਮ ਕਰ ਰਹੀ ਹੈ: ਏਜੀਟੀਐਫ ਪ੍ਰਮੋਦ ਬਾਨ
ਚੰਡੀਗੜ੍ਹ, 16 ਨਵੰਬਰ 2024 – ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ ‘ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ।
ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਵਿੱਚ ਮੁਲਜ਼ਮ ਆਕਾਸ਼ ਗਿੱਲ ਦੀ ਭੂਮਿਕਾ ਸਾਹਮਣੇ ਆਈ ਸੀ।
ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਫਾਜ਼ਿਲਕਾ ਦੇ ਸੁਲੇਮਾਨਕੀ ਰੋਡ ਤੋਂ ਗ੍ਰਿਫਤਾਰ ਕਰ ਲਿਆ।