- ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
- ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ – ਤੋਖਨ ਸਾਹੂ
ਮੋਗਾ, 21 ਨਵੰਬਰ 2024 – ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਅੱਜ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਪਿੰਡ ਖੋਸਾ ਪਾਂਡੋ ਵਿਖੇ ਖੇਤਾਂ ਵਿੱਚ ਚੱਲ ਰਹੇ ਰੇਕ ਅਤੇ ਬੇਲਰ ਨੂੰ ਦੇਖਿਆ ਅਤੇ ਖੁਦ ਟਰੈਕਟਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ। ਉਹਨਾਂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਜਿਆਦਾ ਖਾਦਾਂ ਤੋਂ ਬਚ ਸਕਦੇ ਹਨ। ਪਰਾਲੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੁੰਦਾ ਹੈ।
ਇਸ ਤੋਂ ਬਾਅਦ ਉਹਨਾਂ ਨੇ ਪਿੰਡ ਖੋਸਾ ਪਾਂਡੋ ਵਿੱਚ ਹੀ ਪਿੰਡ ਦੇ ਛੱਪੜ ਦੇ ਗੰਦੇ ਪਾਣੀ ਨੂੰ ਵੱਖ ਵੱਖ ਟੋਭਿਆਂ ਰਾਹੀਂ ਸਾਫ਼ ਕਰਕੇ ਖੇਤੀ ਲੋੜਾਂ ਲਈ ਵਰਤਣ ਦੇ ਪ੍ਰੋਜੈਕਟ ਨੂੰ ਵੀ ਦੇਖਿਆ ਅਤੇ ਇਸ ਨਵੀਂ ਪਹਿਲ ਲਈ ਜ਼ਿਲ੍ਹਾ ਮੋਗਾ ਪ੍ਰਸ਼ਾਸ਼ਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜੇਕਰ ਪੂਰੇ ਦੇਸ਼ ਵਿੱਚ ਅਜਿਹੇ ਪ੍ਰੋਜੈਕਟ ਬਣ ਜਾਣ ਤਾਂ ਗੰਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ, ਧਰਤੀ ਹੇਠਲੇ ਪਾਣੀ ਦੇ ਹੋਰ ਹੇਠਾਂ ਜਾਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਇਆ ਜਾ ਸਕਦਾ ਹੈ।
ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਜ਼ਿਲ੍ਹਿਆਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ।