ਰਾਜਸਥਾਨ, 8 ਦਸੰਬਰ 2024 – ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਦੇਸੂਰੀ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਾਲੀ ਦੇ ਦੇਸੂਰੀ ਥਾਣਾ ਖੇਤਰ ‘ਚ ਸਥਿਤ ਪੰਜਾਬ ਮੋਡ ਨੇੜੇ ਦੇਸੂਰੀ ਡਰੇਨ ਕੋਲ ਵਾਪਰਿਆ ਹੈ। ਇੱਥੇ ਇੱਕ ਸਕੂਲੀ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੇ ਸਮੇਂ ਬੱਸ ਵਿੱਚ ਮਾਣਕਦੇਹ ਸਕੂਲ ਦੇ ਲੜਕੇ ਅਤੇ ਲੜਕੀਆਂ ਸਵਾਰ ਸਨ।
ਦੱਸ ਦੇਈਏ ਕਿ ਹਾਦਸਾ ਵਾਪਰ ਜਾਣ ਤੋਂ ਬਾਅਦ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨਾਲ ਭਰੀ ਬੱਸ ਪਰਸ਼ੂਰਾਮ ਮਹਾਦੇਵ ਵਿਖੇ ਪਿਕਨਿਕ ਲਈ ਜਾ ਰਹੀ ਸੀ। ਹਾਦਸੇ ਤੋਂ ਬਾਅਦ ਰਾਜਸਮੰਦ ਦੇ ਐੱਸਪੀ ਅਤੇ ਕਲੈਕਟਰ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਉਥੇ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਸਥਾਨਕ ਪੁਲਸ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਅਤੇ ਸਥਾਨਕ ਪ੍ਰਸ਼ਾਸਨ ਨੇ ਜ਼ਖਮੀਆਂ ਦੇ ਇਲਾਜ ਲਈ ਪੂਰੇ ਪ੍ਰਬੰਧ ਕੀਤੇ ਹਨ ਅਤੇ ਹੋਰ ਲੋੜੀਂਦੇ ਕਦਮ ਚੁੱਕੇ ਹਨ।