ਚੰਡੀਗੜ੍ਹ, 11 ਦਸੰਬਰ 2024 – ਸਿੱਖ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਵਿਰੁੱਧ 2012 ਦੇ ਇੱਕ ਮਾਮਲੇ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਤਹਿਤ ਇੱਕ ਤਾਜ਼ਾ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਦੇ ਡੀਜੀਪੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਹਲਫਨਾਮਾ ਦਾਖਲ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਵਿੱਚ ਪਹਿਲਾਂ ਹੀ ਦਰਜ ਐਫਆਈਆਰ ਨੰਬਰ 208 ਤਹਿਤ ਪੁਰਾਣੇ ਕੇਸ ਵਿੱਚ ਨਵੇਂ ਦੋਸ਼ ਜੋੜ ਦਿੱਤੇ ਗਏ ਹਨ।
ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 302, 376 ਅਤੇ 506 ਸ਼ਾਮਲ ਕੀਤੀਆਂ ਗਈਆਂ ਹਨ। ਹਾਲਾਂਕਿ ਢੰਡਰੀਆਂਵਾਲਾ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ, ਜਲਦ ਹੀ ਦੁੱਧ ਦਾ ਦੁੱਧ-ਪਾਣੀ ਦਾ ਪਾਣੀ ਹੋ ਜਾਵੇਗਾ।
ਇਹ ਮਾਮਲਾ 2012 ਦਾ ਹੈ ਅਤੇ ਕਰਨਾਲ ਦੀ ਇੱਕ 22 ਸਾਲਾ ਲੜਕੀ ਜੋ ਆਪਣੇ ਪਰਿਵਾਰ ਸਮੇਤ ਪਰਮੇਸ਼ਵਰ ਦੁਆਰ ਗਈ ਸੀ। 22 ਅਪ੍ਰੈਲ 2012 ਨੂੰ ਲੜਕੀ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਈ ਗਈ ਸੀ। ਪੋਸਟਮਾਰਟਮ ਰਿਪੋਰਟ ‘ਚ ਮੌਤ ਦਾ ਕਾਰਨ ਜ਼ਹਿਰ ਦੱਸਿਆ ਗਿਆ ਸੀ।
ਹਾਲਾਂਕਿ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਵਰ ਦੁਆਰ ਦੇ ਅਧਿਕਾਰੀਆਂ ਨੇ ਲੜਕੀ ਦੀ ਇਮਾਰਤ ਦੇ ਬਾਹਰ ਮੌਤ ਹੋਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਉਸ ਸਮੇਂ ਦੇਸ਼ ਤੋਂ ਬਾਹਰ ਸਨ। ਬਾਅਦ ‘ਚ ਪੀੜਤਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।
2012 ਵਿੱਚ ਪਰਮੇਸ਼ਵਰ ਵੱਲੋਂ ਇੱਕ ਲੜਕੀ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਵਾਬ ਮੰਗਿਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਸੀਨੀਅਰ ਆਈਪੀਐਸ ਅਧਿਕਾਰੀ ਦੀ ਅਗਵਾਈ ਵਾਲੀ ਐਸਆਈਟੀ ਤੋਂ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਹਾਲਾਂਕਿ ਉਦੋਂ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ- ਇਹ ਮਾਮਲਾ ਦੁਖਦ ਸਥਿਤੀ ਨੂੰ ਦਰਸਾਉਂਦਾ ਹੈ। ਅਦਾਲਤ ਨੇ ਨੋਟ ਕੀਤਾ ਕਿ ਸ਼ਿਕਾਇਤਕਰਤਾ ਵੱਲੋਂ ਕਥਿਤ ਬਲਾਤਕਾਰ ਅਤੇ ਕਤਲ ਸਬੰਧੀ ਦਿੱਤਾ ਗਿਆ ਬਿਆਨ 24 ਮਈ 2012 ਨੂੰ ਦਿੱਤਾ ਗਿਆ ਸੀ। ਪਹਿਲੀ ਸੂਚਨਾ ਦੇ ਆਧਾਰ ‘ਤੇ ਐਫਆਈਆਰ ਦਰਜ ਕਰਨ ਦੀ ਬਜਾਏ, ਪੁਲਿਸ ਨੇ ਦੋਸ਼ਾਂ ਦੀ ਭਰੋਸੇਯੋਗਤਾ ਦੀ ਪੁਸ਼ਟੀ ਕਰਨ ਲਈ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਜਾਂਚ ਸ਼ੁਰੂ ਕਰ ਦਿੱਤੀ।
ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੰਡਰੀਆਂਵਾਲਾ ਪਟਿਆਲਾ ਸੰਗਰੂਰ ਰੋਡ ‘ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਹਨ। ਜਦੋਂ ਪੰਜਾਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਤਾਂ ਢੰਡਰੀਆਂਵਾਲਾ ਦਾ ਨਾਮ ਪਹਿਲੀ ਵਾਰ ਚਰਚਾ ਵਿੱਚ ਆਇਆ। ਪੰਜਾਬ ਵਿੱਚ ਹੀ ਨਹੀਂ ਸਗੋਂ ਦੁਨੀਆਂ ਭਰ ਵਿੱਚ ਢੰਡਰੀਆਂਵਾਲੇ ਕੀਰਤਨ ਕਰਨ ਜਾਂਦੇ ਹਨ।