ਚੰਡੀਗੜ੍ਹ, 3 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਵਸਨੀਕ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।