- ਐਕਸ਼ਨ ਵਿੱਚ ਸਿੱਖਿਆ ਮੰਤਰੀ, ਆਪਣੇ ਵਿਧਾਨਸਭਾ ਹਲਕੇ ਦੇ ਨੌਜਵਾਨਾਂ ਦੇ ਹਿੱਤਾਂ ਲਈ ਕੀਤਾ ਵੱਡਾ ਉਪਰਾਲਾ
- ਏਸ਼ੀਆ ਦੀ ਸਭ ਤੋਂ ਵੱਡੀ ਬੀ.ਬੀ.ਐਮ.ਬੀ. ਵਰਕਸ਼ਾਪ ਦੀ ਮੁੜ ਸੁਰਜੀਤੀ ਅਤੇ ਖਾਲੀ ਪਈਆਂ ਅਸਾਮੀਆਂ ਦਾ ਮੁੱਦਾ ਚੁੱਕਿਆ
ਰੂਪਨਗਰ, 19 ਜਨਵਰੀ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਐਕਸ਼ਨ ਮੋਡ’ ਵਿੱਚ ਹਨ। ਵਿਧਾਨਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਨੌਜਵਾਨਾਂ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤਾ ਬਿਹਤਰੀਨ ਉਪਰਾਲਾ ਸਾਹਮਣੇ ਆਇਆ ਹੈ।
ਸ੍ਰੀ ਆਨੰਦਪੁਰ ਸਾਹਿਬ ਵਿਧਾਨਸਭਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਸਕਰਾਰ ਨੂੰ ਐਨ.ਐਫ.ਐਲ. ਅਤੇ ਬੀ.ਬੀ.ਐਮ.ਬੀ. ਵਿੱਚ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਅਲਾਟ ਕਰਦੇ ਸਮੇਂ ਯਥਾਸਥਿਤੀ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕਰਕੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਜੋ ਸਥਾਨਕ ਨੌਜਵਾਨਾਂ ਨੂੰ ਮਿਲਣੀਆਂ ਚਾਹੀਦੀਆਂ ਹਨ।
ਸਥਾਨਕ ਨੌਜਾਵਨਾਂ ਲਈ ਨੌਕਰੀਆਂ ਅਤੇ ਇਲਾਕੇ ਦਾ ਵਿਕਾਸ ਮੁੱਖ ਮੁੱਦਾ:
ਸ. ਬੈਂਸ ਨੇ ਬੀ.ਬੀ.ਐਮ.ਬੀ. ਅਤੇ ਐਨ.ਐਫ.ਐਲ. ਵਿੱਚ ਪੰਜਾਬੀ ਨੌਜਵਾਨਾਂ ਲਈ ਨੌਕਰੀਆਂ ਦੀ ਅਲਾਟਮੈਂਟ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦਾ ਵਿਰੋਧ ਕੀਤਾ । ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਨਿਯਮਾਂ ਦਾ ਸਤਿਕਾਰ ਜ਼ਰੂਰੀ ਹੈ ਅਤੇ ਇਨ੍ਹਾਂ ਦੀ ਉਲੰਘਣਾ ਨਾਲ ਸਥਾਨਕ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਖਤਮ ਹੋ ਰਹੇ ਹਨ।

ਬੀਬੀਐਮਬੀ ਵਰਕਸ਼ਾਪ ਨੂੰ ਮੁੜ ਸੁਰਜੀਤ ਕਰਨ ਦੀ ਮੰਗ:
ਮੰਤਰੀ ਨੇ ਏਸ਼ੀਆ ਦੀ ਸਭ ਤੋਂ ਵੱਡੀ ਵਰਕਸ਼ਾਪ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੰਗਲ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਪਿਛਲੇ 40 ਸਾਲਾਂ ਤੋਂ ਵਧ ਸਮੇਂ ਤੋਂ ਬੰਦ ਪਈ ਹੈ ਪਰ ਇਸ ਦੇ ਮੁੜ ਸੁਰਜੀਤ ਹੋਣ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵਰਕਸ਼ਾਪ ਇਲਾਕੇ ਦੀ ਉਦਯੋਗਿਕ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਸਕਦੀ ਹੈ।
ਨੰਗਲ-ਭਾਖੜਾ ਰੇਲਵੇ ਲਾਈਨ ਦੀ ਬਹਾਲੀ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ:
ਹਰਜੋਤ ਬੈਂਸ ਨੇ ਨੰਗਲ-ਭਾਖੜਾ ਰੇਲ ਸੰਪਰਕ ਬਹਾਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਲਾਈਨ ਦੇ ਮੁੜ ਬਹਾਲ ਹੋਣ ਨਾਲ ਨਾ ਸਿਰਫ਼ ਇਸ ਖੇਤਰ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਸਗੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਵਰਗੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਜਾਣ ਲਈ ਹੋਰ ਵੀ ਆਸਾਨੀ ਹੋਵੇਗੀ।
ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਗਿਆ:
ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸੜਕੀ ਸੰਪਰਕ ਦੀ ਭਾਰੀ ਘਾਟ ਹੈ। ਇਸ ਤੋਂ ਇਲਾਵਾ ਬੀਬੀਐਮਬੀ ਦੀਆਂ ਪੁਰਾਣੀਆਂ ਇਮਾਰਤਾਂ ਖੰਡਰ ਹੋ ਚੁੱਕੀਆਂ ਹਨ, ਜਿਸ ਨਾਲ ਇਲਾਕੇ ਦੇ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ।
ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟਾਇਆ:
ਹਰਜੋਤ ਬੈਂਸ ਨੇ ਹਾਲ ਹੀ ਵਿੱਚ ਸਿਰਸਾ-ਨੰਗਲ ’ਤੇ ਨਵੇਂ ਪੁਲ, ਬ੍ਰਹਮਪੁਰ ਅਤੇ ਡਰੋਲੀ ਵਿਖੇ 60 ਸਾਲ ਪੁਰਾਣੇ ਪੁਲਾਂ ਦੇ ਪੁਨਰ ਨਿਰਮਾਣ ਅਤੇ ਅਟਾਰੀ ਸਮੇਤ ਪੰਜ ਪੁਲਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਨਾ ਸਿਰਫ਼ ਸੜਕੀ ਸੰਪਰਕ ਵਿੱਚ ਸੁਧਾਰ ਹੋਵੇਗਾ ਸਗੋਂ ਖੇਤਰ ਵਿੱਚ ਵਿਕਾਸ ਅਤੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।
ਹਰਜੋਤ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਥਾਨਕ ਨੌਜਵਾਨਾਂ ਨੂੰ ਬੀਬੀਐਮਬੀ ਅਤੇ ਐਨਐਫਐਲ ਵਿੱਚ ਤਰਜੀਹ ਮਿਲਣੀ ਚਾਹੀਦੀ ਹੈ ਅਤੇ ਖੇਤਰ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਅਤੇ ਟਰਾਂਸਪੋਰਟ ਸੰਪਰਕ ਵਿੱਚ ਸੁਧਾਰ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਨੂੰ ਮਿਲਣ ਦੀ ਵੀ ਤਿਆਰੀ ਕਰ ਰਹੇ ਹਨ।
