ਚੰਡੀਗੜ੍ਹ, 14 ਫਰਵਰੀ 2025 – ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਐਸਜੀਪੀਸੀ ਦੇ ਵਲੋਂ ਅਹੁਦੇ ਤੋਂ ਹਟਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ।
ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਹੋਇਆ ਲਿਖਿਆ ਕਿ, “ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।”

