ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਧਾਮੀ ਨਾਲ ਮੁਲਾਕਾਤ, SGPC ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ

ਚੰਡੀਗੜ੍ਹ / ਹੁਸ਼ਿਆਰਪੁਰ, 19 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਕੇ ਉਹ ਹਾਲਾਤ ਸਮਝਣ ਦੀ ਕੋਸ਼ਿਸ਼ ਕੀਤੀ ਜਿਹਨਾਂ ਕਾਰਣ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ।

ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਐਡਵੋਕੇਟ ਧਾਮੀ ਨੇ ਮਾਨਸਿਕ ਪੀੜਾ ਕਾਰਣ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕੁਝ ਚੀਜ਼ਾਂ ਦਿਲ ਨੂੰ ਲਗਾ ਲਈਆਂ ਜਿਸ ਕਾਰਣ ਉਹਨਾਂ ਅਚਨਚੇਤ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਨੂੰ ਭਰੋਸਾ ਦੁਆਇਆ ਹੈ ਕਿ ਸਾਰੀ ਪਾਰਟੀ ਉਹਨਾਂ ਦੇ ਨਾਲ ਹੈ ਤੇ ਇਸ ਅਹਿਮ ਸਮੇਂ ਵਿਚ ਪੰਥ ਨੂੰ ਉਹਨਾਂ ਦੀ ਲੀਡਰਸ਼ਿਪ ਦੀ ਜ਼ਰੂਰਤ ਹੈ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਐਡਵੋਕੇਟ ਧਾਮੀ ਦੇ ਅਸਤੀਫੇ ਨਾਲ ਜੁੜੇ ਸਾਰੇ ਮਸਲੇ ਨੂੰ ਹੱਲ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਅਸੀਂ ਉਹਨਾਂ ਨਾਲ ਨਿਰੰਤਰ ਗੱਲਬਾਤ ਕਰਦੇ ਰਹਾਂਗੇ ਤੇ ਸਾਰੇ ਮਸਲਿਆਂ ਦੇ ਹੱਲ ਵਾਸਤੇ ਕੰਮ ਕਰਾਂਗੇ।
ਡਾ. ਚੀਮਾ ਨੇ ਇਹ ਵੀ ਕਿਹਾ ਕਿ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਕਾਬਲੀਅਤ ਤੇ ਇਮਾਨਦਾਰੀ ਕਾਰਣ ਹੀ ਉਹਨਾਂ ਨੂੰ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਿਚ ਅਹਿਮ ਰੁਤਬੇ ਮਿਲੇ ਹਨ। ਉਹਨਾਂ ਕਿਹਾ ਕਿ ਕਈ ਵਾਰ ਸੰਸਥਾਵਾਂ ਨੂੰ ਆਪਣੇ ਫਰਜ਼ ਨਿਭਾਉਂਦਿਆਂ ਸਖ਼ਤ ਫੈਸਲੇ ਲੈਣੇ ਪੈਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਤਹਿਤ ਬਣਾਈ ਗਈ ਸੀ ਤੇ ਇਸਨੂੰ ਜਥੇਦਾਰਾਂ ਦੀ ਨਿਯੁਕਤੀ ਬਾਰੇ ਫੈਸਲੇ ਲੈਣੇ ਪੈਂਦੇ ਹਨ।

ਇਸ ਦੌਰਾਨ ਨੇ ਐਡਵੋਕੇਟ ਧਾਮੀ ਨੂੰ ਘਰ ਵਿਚ ਪੋਤਰੇ ਦੀ ਦਾਤ ਮਿਲਣ ’ਤੇ ਵਧਾਈਆਂ ਵੀ ਦਿੱਤੀਆਂ ਅਤੇ ਇਸ ਮੌਕੇ ਖੁਸ਼ੀ ਸਾਂਝੀ ਕੀਤੀ।
ਵਫਦ ਵਿਚ ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਵਰਿੰਦਰ ਸਿੰਘ ਬਾਜਵਾ, ਗੁਰਬਚਨ ਸਿੰਘ ਬੱਬੇਹਾਲੀ, ਲਾਲੀ ਬਾਜਵਾ ਤੇ ਕੁਲਵੰਤ ਸਿੰਘ ਮੰਨਣ ਵੀ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ