ਨਵੀਂ ਦਿੱਲੀ, 20 ਫਰਵਰੀ 2025 – ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (DUSU) ਦੀ ਸਾਬਕਾ ਪ੍ਰਧਾਨ ਅਤੇ ਪਹਿਲੀ ਵਾਰ ਵਿਧਾਇਕ ਚੁਣੀ ਗਈ ਰੇਖਾ ਗੁਪਤਾ ਵੀਰਵਾਰ ਨੂੰ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਈ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਰਾਜਧਾਨੀ ਦੇ ਇਤਿਹਾਸਕ ਰਾਮਲੀਲਾ ਮੈਦਾਨ ‘ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ ‘ਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰੇਖਾ ਨੇ ਭਗਵਾਨ ਦੇ ਨਾਂ ‘ਤੇ ਹਿੰਦੀ ‘ਚ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ 27 ਸਾਲਾਂ ਬਾਅਦ ਦਿੱਲੀ ‘ਚ ਸੱਤਾ ‘ਚ ਵਾਪਸੀ ਕੀਤੀ ਹੈ। ਰੇਖਾ ਗੁਪਤਾ ਹਾਲ ਹੀ ‘ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ। ਉਹ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ ‘ਚ ਭਾਜਪਾ ਦੀ ਚੌਥੀ ਮੁੱਖ ਮੰਤਰੀ ਬਣ ਗਈ ਹੈ। ਇਸ ਦੇ ਨਾਲ ਹੀ ਉਹ ਭਾਜਪਾ ਦੇ ਸ਼ਾਸਨ ਵਾਲੇ ਕਿਸੇ ਵੀ ਸੂਬੇ ਦੀ ਇਕਲੌਤੀ ਮਹਿਲਾ ਮੁੱਖ ਮੰਤਰੀ ਵੀ ਬਣ ਗਈ ਹੈ।
ਦੱਸ ਦੇਈਏ ਕਿ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਮਗਰੋਂ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਰੇਖਾ ਨਾਲ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਪੰਕਜ ਸਿੰਘ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ ਅਤੇ ਰਵਿੰਦਰ ਇੰਦਰਰਾਜ ਨੇ ਵੀ ਸਹੁੰ ਚੁੱਕੀ।
ਰੇਖਾ ਦੇ ਸਹੁੰ ਚੁੱਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੰਚ ‘ਤੇ ਮੌਜੂਦ ਰਹੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਮੇਤ ਭਾਜਪਾ ਦੇ ਕਈ ਸੀਨੀਅਰ ਨੇਤਾ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸ਼ਾਸਿਤ ਸੂਬਿਆਂ ਦੇ ਕਈ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਸਮਾਰੋਹ ਦੇ ਗਵਾਹ ਬਣੇ। ਰਾਮਲੀਲਾ ਮੈਦਾਨ ਵਿਚ ਕਈ ਆਗੂ ਅਤੇ ਵੱਡੀ ਗਿਣਤੀ ਵਿਚ ਆਮ ਲੋਕ ਵੀ ਮੌਜੂਦ ਸਨ। 50 ਸਾਲਾ ਰੇਖਾ ਗੁਪਤਾ ਨੂੰ ਬੁੱਧਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ 8ਵੀਂ ਦਿੱਲੀ ਵਿਧਾਨ ਸਭਾ ‘ਚ ਸਦਨ ਦੀ ਨੇਤਾ ਚੁਣਿਆ ਗਿਆ। ਦੱਸਣਯੋਗ ਹੈ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ 70 ਵਿਚੋਂ 48 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ (ਆਪ) ਦੇ ਦਹਾਕੇ ਤੋਂ ਚੱਲੇ ਆ ਰਹੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ।

