- ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ
- ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ
ਪਟਿਆਲਾ, 21 ਫਰਵਰੀ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।
ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤੇ 1300 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ (ਪੀਬੀ 23 ਏਏ 0795) ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਜ਼ਬਰਨ ਵਸੂਲੀ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਨੇ ਉਨ੍ਹਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ, ਅਸਲਾ ਐਕਟ, ਇਰਾਦਾ ਕਤਲ , ਜ਼ਬਰਨ ਵਸੂਲੀ, ਡਕੈਤੀ, ਲੁੱਟ-ਖੋਹ ਆਦਿ ਕਈ ਮਾਮਲੇ ਦਰਜ ਹਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਸਪੈਸ਼ਲ ਸੈੱਲ ਰਾਜਪੁਰਾ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਕਾਰਕੁਨ ਸਰਹਿੰਦ-ਰਾਜਪੁਰਾ ਸੜਕ ’ਤੇ ਕਿਸੇ ਨੂੰ ਨਸ਼ੀਲੀਆਂ ਗੋਲੀਆਂ ਪਹੁੰਚਾਉਣ ਜਾ ਰਹੇ ਹਨ, ਜਿਸ ਤੋਂ ਬਾਅਦ, ਉਨ੍ਹਾਂ ਨੇ ਰਾਜਪੁਰਾ ਵਿੱਚ ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾਣਾ ਸੀ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਪੈਸ਼ਲ ਸੈੱਲ ਰਾਜਪੁਰਾ ਨੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਅਗਵਾਈ ਵਿੱਚ ਖੁਫੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।
ਐਸ.ਐਸ.ਪੀ. ਨੇ ਦੱਸਿਆ ਕਿ ਦੋ ਪ੍ਰਮੁੱਖ ਵਿਅਕਤੀ, ਜਿਨ੍ਹਾਂ ਨੂੰ ਵਿਦੇਸ਼ੀ ਗੈਂਗਸਟਰਾਂ ਤੋਂ ਧਮਕੀ ਭਰੇ ਫੋਨ ਵੀ ਆਏ ਸਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਿਸ਼ਾਨੇ ’ਤੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਐਫਆਈਆਰ ਨੰ. 13 ਮਿਤੀ 19/2/2025 ਨੂੰ ਪਟਿਆਲਾ ਦੇ ਪੁਲਿਸ ਸਟੇਸ਼ਨ ਸਦਰ ਰਾਜਪੁਰਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।
