- ਚਾਲੂ ਪਾਰਲੀਮੈਂਟ ਸੈਸ਼ਨ ‘ਚ ਹੀ ਤਿੰਨੇ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ : ਭਗਵੰਤ ਮਾਨ
- ਮੀਟਿੰਗ ‘ਚ ਕਿਹਾ ਜਦੋਂ ਆਮ ਦਿਨਾਂ ‘ਚ ਲਾਲ ਕਿਲ੍ਹੇ ਉੱਤੇ ਵੱਡੀ ਗਿਣਤੀ ਸੁਰੱਖਿਆ ਹੁੰਦੀ ਹੈ ਤਾਂ ਉਸ ਦਿਨ ਕਿਉਂ ਨਹੀਂ ਸੀ
- ਸਰਕਾਰ ਕਾਨੂੰਨ ਰੱਦ ਕਰਦੀ ਹੈ ਤਾਂ ਅੱਜ ਹੀ ਟਰੈਕਟਰਾਂ ਦੇ ਮੂੰਹ ਦਿੱਲੀ ਦੀ ਬਜਾਏ ਖੇਤਾਂ ਵੱਲ ਹੋ ਜਾਣਗੇ : ਭਗਵੰਤ ਮਾਨ
ਚੰਡੀਗੜ੍ਹ, 31 ਜਨਵਰੀ 2021 – ਕੇਂਦਰ ਸਰਕਾਰ ਵੱਲੋਂ ਅੱਜ ਆਨਲਾਈਨ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੇਂਦਰੀ ਖੇਤੀ ਬਾਰੇ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਮਸਲਾ ਜੋਰ ਸੋਰ ਨਾਲ ਉਠਾਇਆ। 26 ਜਨਵਰੀ ਨੂੰ ਲਾਲ ਕਿਲ੍ਹੇ ਉੱਤੇ ਵਾਪਰੀ ਘਟਨਾ ਉੱਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜੋ ਹੋਇਆ ਉਹ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ ਸਾਰੇ ਕਿਸਾਨਾਂ ਨੂੰ ਇਸ ਘਟਨਾ ਨਾਲ ਜੋੜਕੇ ਨਾ ਦੇਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਉੱਤੇ ਦਰਜ ਕੀਤੇ ਜਾ ਰਹੇ ਪਰਚਿਆਂ ਨਾਲ ਅੰਦੋਲਨ ਹੋਰ ਭਖੇਗਾ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਗੂ ਇਸ ਘਟਨਾ ਸਮੇਂ ਉੱਥੇ ਨਹੀਂ ਸਨ ਪੁਲਿਸ ਵੱਲੋਂ ਉਨ੍ਹਾਂ ਉੱਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ਉੱਤੇ ਆਮ ਦਿਨਾਂ ਵਿਚ ਪੂਰੀ ਸੁਰੱਖਿਆ ਹੁੰਦੀ ਹੈ, ਪ੍ਰੰਤੂ ਹੈਰਾਨੀ ਵਾਲੀ ਗੱਲ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ਉਤੇ ਸੁਰੱਖਿਆ ਪੱਖੋਂ ਕਿਉਂ ਖੁੱਲ੍ਹਾ ਛੱਡ ਦਿੱਤਾ ਗਿਆ। ਉਨ੍ਹਾਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਚਾਲੂ ਮੌਜੂਦਾ ਪਾਰਲੀਮੈਂਟ ਸੈਸ਼ਨ ਵਿੱਚ ਖੇਤੀ ਬਾਰੇ ਨਵੇਂ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਕੇ ਦੇਸ਼ ਦੇ ਕਿਸਾਨਾਂ ਨੂੰ ਇਕ ਤੋਹਾਫਾ ਦੇਣ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਕਿਸਾਨਾਂ ਦੇ ਲਈ ਕੋਈ ਤੋਹਫਾ ਨਹੀਂ ਹੋਵੇਗਾ, ਖੇਤੀ ਬਾਰੇ ਨਵੇਂ ਕਾਨੂੰਨ ਰੱਦ ਕੀਤੇ ਜਾਣ।
ਜਾਰੀ ਬਿਆਨ ਵਿੱਚ ਭਗਵੰਤ ਮਾਨ ਨੇ ਦੱਸਿਆ ਕਿ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਵਿੱਚ ਇਹ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਕਿਸਾਨਾਂ ਨਾਲ ਹੋਈਆਂ ਸਾਰੀਆਂ ਮੀਟਿੰਗ ਬਾਰੇ ਮੰਤਰੀਆਂ ਨੇ ਸਾਰੀਅ ਗੱਲਾਂ ਦੱਸਦੇ ਰਹੇ ਹਨ। ਪ੍ਰਧਾਨ ਮੰਤਰੀ ਨੇ ਮੀਟਿੰਗ ਵਿੱਚ ਇਹ ਵੀ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਜੋ ਪ੍ਰਸਤਾਵ ਦਿੱਤਾ ਗਿਆ ਸੀ, ਸਰਕਾਰ ਅੱਜ ਵੀ ਉਸ ਉੱਤੇ ਖੜ੍ਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਖੇਤੀ ਬਾਰੇ ਕਾਨੂੰਨ ਰੱਦ ਕਰਨ ਦੀ ਬਜਾਏ, ਸਗੋਂ ਪਾਰਲੀਮੈਂਟ ਸੈਸ਼ਨ ਵਿੱਚ ਬਿਜਲੀ ਅਤੇ ਪਾਰਲੀ ਸਬੰਧੀ ਵੀ ਨਵੇਂ ਬਿੱਲ ਲੈ ਕੇ ਆ ਰਹੀ ਹੈ, ਜਿਨ੍ਹਾਂ ਬਿੱਲਾਂ ਬਾਰੇ ਸਰਕਾਰ ਕਿਸਾਨਾਂ ਨੂੰ ਕਹਿੰਦੀ ਰਹੀ ਕਿ ਇਹ ਬਿੱਲ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਹੀ ਵਿਰੋਧੀ ਪਾਰਟੀਆਂ ਨੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਵੱਲੋਂ ਕਿਹਾ ਗਿਆ ਕਿ ਕਾਨੂੰਨਾਂ ਸਬੰਧੀ ਲੋਕ ਸਭਾ ਖੁੱਲ੍ਹਕੇ ਗੱਲ ਕਰ ਸਕਦੇ ਹੋ, ਤਾਂ ਅਸੀਂ ਕਿਹਾ ਕਿ ਜੇਕਰ ਇਨ੍ਹਾਂ ਕਾਨੂੰਨਾਂ ਉੱਤੇ ਪਹਿਲਾਂ ਹੀ ਗੱਲ ਕੀਤੀ ਹੁੰਦੀ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ। ਭਗਵੰਤ ਮਾਨ ਨੇ ਕਿਹਾ ਕਿ ਜਿੰਨੀਆਂ ਮੀਟਿੰਗਾਂ ਕਿਸਾਨਾਂ ਨਾਲ ਸਰਕਾਰ ਨੇ ਹੁਣ ਕੀਤੀਆਂ ਹਨ, ਜੇਕਰ ਐਨੀਆਂ ਮੀਟਿੰਗਾਂ ਕਾਨੂੰਨ ਬਣਾਉਣ ਤੋਂ ਪਹਿਲਾਂ ਕੀਤੀਆਂ ਗਈਆਂ ਹੁੰਦੀਆਂ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਕੋਸ਼ਿਸ਼ ਸੀ ਕਿ ਪਾਰਲੀਮੈਂਟ ਵਿੱਚ ਸਾਡਾ ਵਿਰੋਧ ਨਾ ਹੋਵੇ, ਇਸ ਲਈ ਮੀਟਿੰਗ ਵਿੱਚ ਕਹਿੰਦੇ ਰਹੇ ਕਿਹਾ ਕਿ ਸੰਸਦ ਨੂੰ ਚੱਲਣ ਦਿੱਤਾ ਜਾਵੇ।
ਭਗਵੰਤ ਮਾਨ ਨੇ ਮੀਟਿੰਗ ਵਿੱਚ ਕਿਹਾ ਕਿ ਇਸ ਦਾ ਸਿਰਫ ਇਕ ਹੀ ਹੱਲ ਹੈ ਕਿ ਖੇਤੀ ਬਾਰੇ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅੱਜ ਹੀ ਇਹ ਕਾਨੂੰਨ ਰੱਦ ਕਰਦੀ ਹੈ ਤਾਂ ਜਿਨ੍ਹਾਂ ਟਰੈਕਟਰਾਂ ਦੇ ਮੂੰਹ ਅੱਜ ਦਿੱਲੀ ਵੱਲ ਹਨ, ਤਾਂ ਉਨ੍ਹਾਂ ਟਰੈਕਟਰਾਂ ਦੀ ਮੂੰਹ ਖੇਤਾਂ ਵੱਲ ਹੋ ਜਾਣਗੇ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੇਤੀ ਬਾਰੇ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਏ ਖੇਤੀ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਬਣਾਉਣ ਸਮੇਂ ਵੀ ਪਾਰਟੀ ਵੱਲੋਂ ਪਾਰਲੀਮੈਂਟ ਵਿਚ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰਨਗੇ।