ਨਵੀਂ ਦਿੱਲੀ, 26 ਅਪ੍ਰੈਲ 2025 – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਹੈ ਕਿ ਪਾਕਿਸਤਾਨ ਹਰ ਜਾਂਚ ਲਈ ਤਿਆਰ ਹੈ। ਸ਼ਨੀਵਾਰ ਨੂੰ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਕਿਸੇ ਵੀ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹੈ। ਇਹ ਪਾਕਿਸਤਾਨ ਵੱਲੋਂ ਪਹਿਲੀ ਪ੍ਰਤੀਕਿਰਿਆ ਹੈ ਅਤੇ ਅਜਿਹੇ ਸਮੇਂ ਆਈ ਹੈ ਜਦੋਂ ਭਾਰਤ ਨੇ ਅਜੇ ਤੱਕ ਪਾਕਿਸਤਾਨ ਨੂੰ ਹਮਲੇ ਨਾਲ ਜੋੜਨ ਵਾਲੀ ਜਾਂਚ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ, ਜਿਸ ਵਿੱਚ 25 ਭਾਰਤੀਆਂ ਸਮੇਤ 26 ਲੋਕ ਮਾਰੇ ਗਏ ਸਨ।
ਪਾਕਿਸਤਾਨ ਮਿਲਟਰੀ ਅਕੈਡਮੀ ਵਿੱਚ ਬੋਲਦਿਆਂ ਸ਼ਰੀਫ ਨੇ ਕਿਹਾ, “ਪਹਿਲਗਾਮ ਵਿੱਚ ਹਾਲੀਆ ਘਟਨਾ ਇਸ ਲਗਾਤਾਰ ਦੋਸ਼ ਲਗਾਉਣ ਦੀ ਖੇਡ ਦੀ ਇੱਕ ਹੋਰ ਉਦਾਹਰਣ ਹੈ, ਜਿਸਨੂੰ ਹੁਣ ਖਤਮ ਹੋਣਾ ਚਾਹੀਦਾ ਹੈ। ਪਾਕਿਸਤਾਨ ਇੱਕ ਜ਼ਿੰਮੇਵਾਰ ਦੇਸ਼ ਦੇ ਰੂਪ ਵਿੱਚ ਹੁਣ ਕਿਸੇ ਵੀ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹੈ।” ਉਨ੍ਹਾਂ ਅਨੁਸਾਰ ਪਾਕਿਸਤਾਨ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨੀ ਫੌਜ ਬਾਰੇ ਇਹ ਵੀ ਕਿਹਾ ਕਿ ਸਾਡੇ ਸੈਨਿਕ ਆਪਣੇ ਦੇਸ਼ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਬਿਆਨ ਦੇ ਕਈ ਅਰਥ ਕੱਢੇ ਜਾ ਰਹੇ ਹਨ, ਕਿਉਂਕਿ ਸ਼ਹਿਬਾਜ਼ ਨੇ ਸਿੱਧੇ ਤੌਰ ‘ਤੇ ਭਾਰਤ ਨੂੰ ਚੁਣੌਤੀ ਦਿੱਤੀ ਹੈ।
ਸ਼ਹਿਬਾਜ਼ ਸ਼ਰੀਫ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਸ਼ਾਂਤੀ ਚਾਹੁੰਦੇ ਹਾਂ, ਪਰ ਇਸਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਕਿ ਭਾਰਤ ਨੇ ਪਾਣੀ ਰੋਕਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸਦਾ ਜ਼ਰੂਰ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਿੰਧੂ ਨਦੀ ਪਾਕਿਸਤਾਨ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ‘ਤੇ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ਹਿਬਾਜ਼ ਸ਼ਰੀਫ ਨੇ ਇਹ ਵੀ ਕਿਹਾ ਕਿ ਭਾਰਤ ਦੁਨੀਆ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਪਾਕਿਸਤਾਨ ਨੂੰ ਬਦਨਾਮ ਕਰ ਰਿਹਾ ਹੈ, ਪਰ ਪਾਕਿਸਤਾਨ ਹਰ ਜਾਂਚ ਲਈ ਤਿਆਰ ਹੈ।

