ਉੱਤਰਾਖੰਡ, 25 ਮਈ 2025 – ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਜਥੇ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ‘ਤੇ ਅਰਦਾਸ ਮਗਰੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹ ਦਿੱਤੇ ਗਏ ਹਨ। ਦੱਸ ਦੇਈਏ ਕਿ ਕਿਵਾੜ ਖੁੱਲ੍ਹਣ ਦੇ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੂੰ 7 ਕੁਇੰਟਲ ਸੋਹਣੇ ਅਤੇ ਰੰਗ-ਬਿਰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਈਆਂ ਹੋਈਆਂ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਰਿਸ਼ੀਕੇਸ਼ ਤੋਂ 5 ਪਿਆਰਿਆਂ ਦੀ ਅਗਵਾਈ ਵਿਚ ਪਹਿਲਾ ਜਥਾ ਰਵਾਨਾ ਹੋ ਗਿਆ ਸੀ, ਜੋ ਗੋਬਿੰਦ ਘਾਟ ਅਤੇ ਗੋਬਿੰਦ ਧਾਮ ਤੋਂ ਚੱਲ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹੁੰਚ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਗੁਰਬਾਣੀ ਕੀਰਤਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਵਿਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

