ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ – ਧਰਮਸੋਤ

ਚੰਡੀਗੜ੍ਹ, 3 ਫ਼ਰਵਰੀ 2021 – ਵਾਤਾਵਰਣ ਦੀ ਸ਼ੁੱਧਤਾ ਅਤੇ ਪੰਜਾਬ ’ਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸਾਲ 2021-22 ਦੌਰਾਨ ਸੂਬੇ ਦੇ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡੇ ਜਾਣਗੇ।

ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸਾਲ 2021-2022 ਦੌਰਾਨ 15 ਲੱਖ ਬੂਟੇ ਮੁਫ਼ਤ ਵੰਡੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਬੂਟੇ ਸਰਕਾਰੀ ਨਰਸਰੀਆਂ ’ਚ ਤਿਆਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਥੈਲੀਆਂ ਭਰਨ ਤੇ ਬੂਟੇ ਤਿਆਰ ਕਰਨ ਦਾ ਕੰਮ ਕਾਰਵਾਈ ਅਧੀਨ ਹੈ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲਗਭੱਗ 4 ਸਾਲਾਂ ਤੋਂ ਸੂਬੇ ’ਚ ਵਾਤਾਵਰਣ ਦੀ ਸ਼ੁੱਧਤਾ ਲਿਆਉਣ ਅਤੇ ਹਰਿਆਲੀ ਵਧਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਉਨਾਂ ਦੱਸਿਆ ਕਿ ਪਿਛਲੇ 10 ਮਹੀਨਿਆਂ ਦੌਰਾਨ ਕੋਵਿਡ ਸਮੇਂ ਦੌਰਾਨ ਆਨਲਾਈਨ ਐਪ ‘ਆਈ ਹਰਿਆਲੀ’ ਰਾਹੀਂ ਸੂਬੇ ਦੇ ਨਾਗਰਿਕਾਂ ਨੂੰ 3.6 ਲੱਖ ਬੂਟੇ ਸਪਲਾਈ ਕੀਤੇ ਗਏ ਸਨ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 76.25 ਲੱਖ ਬੂਟੇ ਲਗਾਏ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੁਨੀਆਂ ਤੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਚਿਰਸਥਾਵੀਂ ਯਾਦ ਬਣਾਉਣ ਦੇ ਮਕਸਦ ਨਾਲ ਸੂਬੇ ਭਰ ’ਚ 432 ‘ਨਾਨਕ ਬਗੀਚੀਆਂ’ ਵੀ ਤਿਆਰ ਕੀਤੀਆਂ ਗਈਆਂ ਸਨ ਤਾਂ ਜੋ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਦੇ ਹੋਏ ਗੁਰੂ ਸਾਹਿਬ ਵੱਲੋਂ ਵਾਤਾਵਰਣ ਪ੍ਰਤੀ ਦਿੱਤੇ ਸੁਨੇਹੇ ਨੂੰ ਵੀ ਜ਼ਮੀਨੀ ਹਕੀਕਤ ਵਿੱਚ ਬਦਲਿਆ ਜਾ ਸਕੇ।

ਜੰਗਲਾਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 66 ਲੱਖ ਬੂਟੇ ਸੂਬੇ ਦੇ 6986 ਪਿੰਡਾਂ ’ਚ ਲਗਾਏ ਜਾ ਚੁੱਕੇ ਹਨ।

ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ 2.45 ਕਰੋੜ ਬੂਟੇ ਵੱਖ-ਵੱਖ ਸਕੀਮਾਂ/ਮੁਹਿੰਮਾਂ ਦੌਰਾਨ ਲਗਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਸਰਕਾਰ ਕੇਵਲ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਦਿਸ਼ਾ ’ਚ ਵੀ ਲਗਾਤਾਰ ਕੰਮ ਕਰ ਰਹੀ ਹੈ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਕੈਪਟਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਨੀਂਹ ਪੱਥਰ ਰੱਖਿਆ

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ