ਅੰਮ੍ਰਿਤਸਰ, 8 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (PSCARD) ਵੱਲੋਂ ਮੁਆਫ ਕੀਤੇ ਗਏ ਕਰਜ਼ੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ। ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ 4727 ਪਰਿਵਾਰਾਂ ਨੂੰ No Dues Certificate ਜਾਰੀ ਕਰਦੇ ਹੋਏ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਆਪਣੇ ਨਾਗਰਿਕਾਂ ਨੂੰ ਸੁਰੱਖਿਆ, ਜੀਵਨਪੱਧਰ ਚੱਕਣਾ, ਨੌਕਰੀਆਂ ਦੇਣੀਆਂ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਧਾਨ ਕਰਨੀਆਂ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੁਸੀਂ ਲੋਕ ਸਾਡੇ ਵਿਸ਼ਵਾਸ ਕਰੋਗੇ ਅਸੀਂ ਤੁਹਾਡੇ ਲਈ ਹਮੇਸ਼ਾ ਖੜ੍ਹੇ ਰਹਾਂਗੇ, ਜਿਹੜਾ ਪੈੱਨ ਤੁਸੀਂ ਦਿੱਤਾ ਹੈ ਉਹ ਤੁਹਾਡੇ ਲਈ ਹਮੇਸ਼ਾ ਹੀ ਚਲਦਾ ਰਹੇਗਾ।
ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ਾ ਮੁਆਫ਼ੀ ਕੀਤੀ ਗਈ ਹੈ। ਇਸ ਪਹਿਲਕਦਮੀ ਨਾਲ ਸੂਬੇ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ।

ਦੱਸਣਯੋਗ ਹੈ ਕਿ ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰੇਗਾ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ਨੂੰ ਵੀ ਸਪੱਸ਼ਟ ਕਰੇਗਾ।
