ਚੰਡੀਗੜ੍ਹ, 28 ਜੂਨ 2025 – ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਨਾਲ, ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ। 28 ਜੂਨ ਤੋਂ ਅਗਲੇ ਕੁਝ ਦਿਨਾਂ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਅੱਜ 12 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਰੋਪੜ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ।
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਘਾਟ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 3.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਔਸਤ ਦੇ ਆਸ-ਪਾਸ ਹੀ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਤਾਪਮਾਨ 4.5 ਡਿਗਰੀ ਵਧਿਆ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ, ਲੁਧਿਆਣਾ ਵਿੱਚ 36.1 ਡਿਗਰੀ, ਪਟਿਆਲਾ ਵਿੱਚ 36.8 ਡਿਗਰੀ ਅਤੇ ਪਠਾਨਕੋਟ ਵਿੱਚ 34.6 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਵਿੱਚ 28 ਜੂਨ ਤੋਂ ਅਗਲੇ 3-4 ਦਿਨਾਂ ਤੱਕ ਮੌਸਮ ਸਰਗਰਮ ਰਹਿਣ ਵਾਲਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

ਅੱਜ 12 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ
ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਰਹੇਗਾ। ਉੱਤਰ ਅਤੇ ਉੱਤਰ-ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
29 ਜੂਨ – ਰਾਜ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ, ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
30 ਜੂਨ – ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਜ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਖਾਸ ਕਰਕੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਸੰਗਰੂਰ, ਪਟਿਆਲਾ ਆਦਿ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
