ਮੁਹਾਲੀ, 2 ਜੁਲਾਈ, 2025 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੇ ਰਿਮਾਂਡ ਵਿੱਚ ਚਾਰ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ 6 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਅੱਜ ਕਰੀਬ 10:45 ਵਜੇ ਸੁਣਵਾਈ ਸ਼ੁਰੂ ਹੋਈ ਅਤੇ ਲਗਭਗ 3 ਘੰਟੇ ਤੱਕ ਚੱਲੀ।
ਇਸ ਤੋਂ ਪਹਿਲਾਂ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਮੋਹਾਲੀ ਅਤੇ ਹੋਰ ਥਾਵਾਂ ‘ਤੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਹੁਣ ਉਨ੍ਹਾਂ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

