ਚੰਡੀਗੜ੍ਹ, 9 ਜੁਲਾਈ 2025 – ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਹ ਇਸ ਮੁੱਦੇ ‘ਤੇ ਹੁਣ ਤੱਕ ਹੋਈ ਚੌਥੀ ਮੀਟਿੰਗ ਹੋਣ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ, ਜਦੋਂ ਕਿ ਨਵੇਂ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਹੋਵੇਗੀ। ਪਹਿਲਾਂ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਇਸ 212 ਕਿਲੋਮੀਟਰ ਲੰਬੀ ਨਹਿਰ ਵਿੱਚ ਹਰਿਆਣਾ ਦੇ 92 ਕਿਲੋਮੀਟਰ ਹਿੱਸੇ ਦੀ ਉਸਾਰੀ ਕੀਤੀ ਗਈ ਹੈ, ਜਦੋਂ ਕਿ ਪੰਜਾਬ ਦੇ 122 ਕਿਲੋਮੀਟਰ ਹਿੱਸੇ ਦੀ ਉਸਾਰੀ ਅਜੇ ਵੀ ਅਧੂਰੀ ਹੈ।
ਸੁਪਰੀਮ ਕੋਰਟ ਨੇ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਹੁਕਮ ਦਿੱਤਾ ਸੀ, ਪਰ 2004 ਵਿੱਚ, ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।

ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ 18 ਅਗਸਤ 2020 ਨੂੰ ਹੋਈ ਸੀ, ਜਦੋਂ ਕਿ ਦੂਜੀ ਮੀਟਿੰਗ 14 ਅਕਤੂਬਰ 2022 ਨੂੰ ਅਤੇ ਤੀਜੀ ਮੀਟਿੰਗ 4 ਜਨਵਰੀ 2023 ਨੂੰ ਹੋਈ ਸੀ। ਪਰ ਦੋਵਾਂ ਧਿਰਾਂ ਵਿਚਕਾਰ ਕੋਈ ਸਮਝੌਤਾ ਨਹੀਂ ਹੋ ਸਕਿਆ।
