ਅੰਮ੍ਰਿਤਸਰ, 15 ਜੁਲਾਈ 2025 – ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਮੁੜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤੇ ਘਰ ਦੇ ਚਾਰੇ ਪਾਸੇ ਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।
ਇਸ ਛਾਪੇਮਾਰੀ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ, ਪਰ ਇਹ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪਿਛਲੇ ਮਹੀਨੇ ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਜੀਠੀਆ ਦਾ ਦੋ ਵਾਰ ਰਿਮਾਂਡ ਲਿਆ ਗਿਆ ਸੀ ਉਸ ਤੋਂ ਬਾਅਦ ਉਸ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਸਮੇਂ ਵੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹੈ।
ਤੁਹਾਨੂੰ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸੇ ਦਿਨ ਹੀ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਸੇ ਦਿਨ ਹੀ ਸਵੇਰੇ 11:30 ਵਜੇ ਤੋਂ ਬਾਅਦ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।

ਮਜੀਠੀਆ (Bikram Majithia) ਦੇ ਮਾਮਲੇ ’ਚ ਪੁਲਿਸ ਪਹਿਲਾਂ 26 ਜੂਨ ਤੋਂ 1 ਜੁਲਾਈ ਤੱਕ ਦਾ ਰਿਮਾਂਡ ਲੈ ਚੁੱਕੀ ਹੈ। ਇਸ ਤੋਂ ਬਾਅਦ 2 ਜੁਲਾਈ ਤੋਂ 6 ਜੁਲਾਈ ਤੱਕ 4 ਦਿਨ ਦਾ ਪੁਲਿਸ ਰਿਮਾਂਡ ਵੀ ਵਿਜੀਲੈਂਸ ਬਿਊਰੋ ਵੱਲੋਂ ਲਿਆ ਗਿਆ ਸੀ। ਉਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।
