ਬਰਨਾਲਾ, 19 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦੇਣ ਜਾ ਰਹੇ ਹਨ। ਮੁੱਖ ਮੰਤਰੀ ਮਾਨ ਅੱਜ ਸ਼ਨੀਵਾਰ ਨੂੰ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। ਇਹ ਸਾਰੀਆਂ ਲਾਇਬ੍ਰੇਰੀਆਂ ਪਿੰਡਾਂ ਵਿੱਚ ਬਣਾਈਆਂ ਗਈਆਂ ਹਨ, ਤਾਂ ਜੋ ਪੇਂਡੂ ਨੌਜਵਾਨ ਵੀ ਹੁਣ ਵਿਸ਼ਵ ਪੱਧਰੀ ਸਹੂਲਤਾਂ ਦਾ ਲਾਭ ਉਠਾ ਸਕਣ।
ਮੁੱਖ ਮੰਤਰੀ ਵੱਲੋਂ ਉਦਘਾਟਨ ਕੀਤੀਆਂ ਜਾਣ ਵਾਲੀਆਂ ਇਨ੍ਹਾਂ 8 ਲਾਇਬ੍ਰੇਰੀਆਂ ਦੀ ਉਸਾਰੀ ਕੁੱਲ 2.80 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਹਰੇਕ ਲਾਇਬ੍ਰੇਰੀ ਵਿੱਚ ਕੰਪਿਊਟਰ, ਇੰਟਰਨੈੱਟ ਕਨੈਕਟੀਵਿਟੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਕਰਵਾਈਆਂ ਗਈਆਂ ਹਨ। ਇਹ ਸਾਰੀਆਂ ਲਾਇਬ੍ਰੇਰੀਆਂ ਵਿਦਿਆਰਥੀਆਂ ਨੂੰ ਇੱਕ ਸ਼ਾਂਤਮਈ ਅਤੇ ਤਕਨੀਕੀ ਤੌਰ ‘ਤੇ ਸਮਰੱਥ ਵਾਤਾਵਰਣ ਪ੍ਰਦਾਨ ਕਰਨਗੀਆਂ ਤਾਂ ਜੋ ਉਹ UPSC, SSC, ਬੈਂਕਿੰਗ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰ ਸਕਣ। ਪੰਜਾਬ ਸਰਕਾਰ ਦੀ ਇਸ ਪਹਿਲ ਰਾਹੀਂ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਦਾ ਮੌਕਾ ਮਿਲੇਗਾ।
ਦੱਸ ਦਈਏ ਕਿ ਬੀਤੇ ਦਿਨ 18 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਜ਼ਿਲ੍ਹੇ ਦੇ ਦੌਰੇ ‘ਤੇ ਹੋਣਗੇ।

