ਗੁਰਦਾਸਪੁਰ, 20 ਜੁਲਾਈ 2025 – ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਇਤ ਮੈਂਬਰਾਂ ਦੀ ਉਪ ਚੋਣ ਦੌਰਾਨ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਸਰਬਸੰਮਤੀ ਨਾਲ ਚੁਣੇ ਗਏ ਇਨਾਂ ਸਾਰੇ ਪੰਚਾਇਤ ਮੈਂਬਰਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਚੁਣੇ ਗਏ ਮੈਂਬਰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਇਹ ਦੇਖਣ ਵਿੱਚ ਆਇਆ ਸੀ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜੋ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਸਨ ਉਹ ਪੂਰੀ ਤਰ੍ਹਾਂ ਨਹੀਂ ਲੱਗ ਪਾਉਂਦੀਆਂ ਸਨ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਵਿਕਾਸ ਦਾ ਪੂਰਾ ਲਾਭ ਨਹੀਂ ਸੀ ਮਿਲ ਪਾਉਂਦਾ। ਉਨ੍ਹਾਂ ਕਿਹਾ ਕਿ ਹੁਣ ਨਵੀਆਂ ਪੰਚਾਇਤਾਂ ਬਣਨ ਨਾਲ ਅਤੇ ਇਮਾਨਦਾਰ ਸਰਕਾਰ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਸ਼ੁਰੂ ਹੋਇਆ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਂ ਦੀਆਂ ਉੱਪ ਚੋਣਾਂ ਬਕਾਇਆ ਸਨ ਅਤੇ ਰਾਜ ਚੋਣ ਕਮਿਸ਼ਨ ਵੱਲੋਂ ਜੋ ਪੰਚਾਂ ਤੇ ਸਰਪੰਚਾਂ ਦੀਆਂ ਉੱਪ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਉਸ ਤਹਿਤ ਵਿਧਾਨ ਸਭਾ ਹਲਕਾ ਵਿੱਚ 31 ਪਿੰਡਾਂ ਦੇ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਸਰਬਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਸ੍ਰੀ ਰਮਨ ਬਹਿਲ ਦੇ ਨਿਵਾਸ ਸਥਾਨ ਪਹੁੰਚੇ ਅਤੇ ਪੂਰੀ ਇਮਾਨਦਾਰੀ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਨ ਦਾ ਤਹੱਈਆ ਕੀਤਾ।
