ਅੰਮ੍ਰਿਤਸਰ, 22 ਜੁਲਾਈ 2025 – ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਆਪਣੇ ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਉਥੇ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ 14 ਜੁਲਾਈ ਤੋਂ ਸ਼ਰਾਰਤੀ ਅਨਸਰਾਂ ਤੱਤਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਧਮਕੀਆਂ ਨੇ ਸੂਬੇ ਵਿਚ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧ ‘ਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਚਿੱਤ ਕਾਰਵਾਈ ਕੀਤੀ ਜਾਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਲੋੜੀਂਦੇ ਹੁਕਮ ਜਾਰੀ ਕਰਨਗੇ।
ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਲੈਪਟਾਪ, ਮੋਬਾਈਲ ਫੋਨ ਅਤੇ ਕੁਝ ਹੋਰ ਡਿਵਾਈਸ ਵੀ ਜ਼ਬਤ ਕੀਤੇ ਗਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਧਮਕੀ ਭਰੇ ਈਮੇਲ ਤਾਮਿਲਨਾਡੂ ਦੇ ਇੱਕ ਸਾਬਕਾ ਨੇਤਾ ਦੇ ਨਾਮ ‘ਤੇ ਆਈਡੀ ਬਣਾ ਕੇ ਭੇਜੇ ਗਏ ਸਨ। ਭੇਜੀਆਂ ਗਈਆਂ ਜ਼ਿਆਦਾਤਰ ਈਮੇਲਾਂ ਵਿੱਚ ਤਾਮਿਲਨਾਡੂ ਸਰਕਾਰ ਅਤੇ ਉੱਥੋਂ ਦੇ ਮੁੱਦਿਆਂ ਦਾ ਜ਼ਿਕਰ ਸੀ। ਇਸ ਦੇ ਨਾਲ ਹੀ ਦੋਸ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਇੱਕ ਲਾਈਨ ਲਿਖੀ।

ਹੁਣ ਤੱਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਈਮੇਲ ਭੇਜਣ ਲਈ ਇੱਕ ਸਾਫਟਵੇਅਰ ਇੰਜੀਨੀਅਰ ਦੇ IP ਪਤੇ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ, ਅੰਮ੍ਰਿਤਸਰ ਦੇ ਸਾਈਬਰ ਪੁਲਿਸ ਸਟੇਸ਼ਨ ਦੀ ਪੁਲਿਸ ਫਰੀਦਾਬਾਦ ਗਈ ਅਤੇ ਉਸ ਤੋਂ ਕਈ ਘੰਟੇ ਪੁੱਛਗਿੱਛ ਕੀਤੀ। ਉਸ ਦੇ ਲੈਪਟਾਪ ਵਿੱਚ ਮਿਲੇ ਸਬੂਤਾਂ ਦੇ ਆਧਾਰ ‘ਤੇ ਉਹ ਉਸਨੂੰ ਆਪਣੇ ਨਾਲ ਲੈ ਗਈ। 36 ਸਾਲਾ ਦੂਬੇ ਦੋ ਮਹੀਨੇ ਪਹਿਲਾਂ ਤੱਕ ਗੁਰੂਗ੍ਰਾਮ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਨੌਕਰੀ ਗੁਆਉਣ ਤੋਂ ਬਾਅਦ ਉਹ ਬੇਰੁਜ਼ਗਾਰ ਸੀ। ਦੋਸ਼ੀ ਦੇ ਪਿਤਾ ਸੰਜੇ ਦੂਬੇ ਕਾਲੋਨੀ ਦੇ ਨੇੜੇ ਪਾਨ ਦੀ ਦੁਕਾਨ ਚਲਾਉਂਦੇ ਹਨ। ਨੌਕਰੀ ਗੁਆਉਣ ਤੋਂ ਬਾਅਦ ਸ਼ੁਭਮ ਆਪਣੇ ਪਿਤਾ ਦੀ ਦੁਕਾਨ ਚਲਾ ਰਿਹਾ ਸੀ।
ਦੱਸ ਦਈਏ ਕਿ ਵਿਰੋਧੀ ਧਿਰਾਂ ਦੇ ਕਈ ਵੱਡੇ ਆਗੂ ਪਹਿਲਾਂ ਹੀ ਦਰਬਾਰ ਸਾਹਿਬ ਦਾ ਦੌਰਾ ਕਰ ਚੁੱਕੇ ਹਨ।
