ਚੰਡੀਗੜ੍ਹ, 26 ਜੁਲਾਈ 2025 – ਇਸ ਵੇਲੇ ਪੰਜਾਬ ਵਿੱਚ ਮੌਸਮ ਨੂੰ ਲੈ ਕੇ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਅਗਲੇ ਕੁੱਝ ਦਿਨਾਂ ਤੱਕ ਮੌਸਮ ਲਗਭਗ ਇਹੋ ਹੀ ਜਿਹਾ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਸੀਮਾ ਦੇ ਅੰਦਰ ਰਿਹਾ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਵਿੱਚੋਂ, ਅੰਮ੍ਰਿਤਸਰ ਵਿੱਚ 32.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 37.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ।
ਹਾਲਾਂਕਿ, ਫਿਰੋਜ਼ਪੁਰ (ਅੰਮ੍ਰਿਤਸਰ ਖੇਤਰ) ਵਿੱਚ 3.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਿਸ ਤੋਂ ਬਾਅਦ ਰਾਜ ਵਿੱਚ ਨਮੀ ਵਧ ਗਈ ਅਤੇ ਲੋਕਾਂ ਨੂੰ ਗਰਮ ਅਤੇ ਨਮੀ ਵਾਲੇ ਮੌਸਮ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ:
26 ਜੁਲਾਈ: ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ, ਪਰ ਪਠਾਨਕੋਟ, ਗੁਰਦਾਸਪੁਰ ਅਤੇ ਨਵਾਂਸ਼ਹਿਰ ਵਰਗੇ ਉੱਤਰੀ ਜ਼ਿਲ੍ਹਿਆਂ ਵਿੱਚ ਥੋੜ੍ਹੀ ਜਿਹੀ ਬਾਰਿਸ਼ ਹੋ ਸਕਦੀ ਹੈ।
27 ਜੁਲਾਈ: ਰਾਜ ਦੇ ਕੇਂਦਰੀ ਅਤੇ ਪੂਰਬੀ ਹਿੱਸਿਆਂ – ਜਿਵੇਂ ਕਿ ਲੁਧਿਆਣਾ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ – ਵਿੱਚ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ।
28 ਜੁਲਾਈ : ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਖਾਸ ਕਰਕੇ ਫਾਜ਼ਿਲਕਾ, ਮੋਗਾ, ਸੰਗਰੂਰ ਅਤੇ ਮੋਹਾਲੀ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ।
29 ਜੁਲਾਈ: ਰਾਜ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ, ਖਾਸ ਕਰਕੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ, ਮੀਂਹ ਦੇ ਚੰਗੇ ਸੰਕੇਤ ਹਨ।
