ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ

—11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ-ਮੁੱਖ ਮੰਤਰੀ

ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ 2025 – ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।

ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਲੰਮਾ ਸਮਾਂ ਬਲਦਾਂ ਨਾਲ ਖੇਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਬਲਦਾਂ ਦੀਆਂ ਦੌੜਾਂ ਬੰਦ ਕਰਨ ਬਾਰੇ ਕਾਨੂੰਨ ਲਾਗੂ ਹੋਣ ਨਾਲ ਜਿੱਥੇ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਧੱਕਾ ਲੱਗਾ ਸੀ, ਉਥੇ ਹੀ ਸਾਡੇ ਰਵਾਇਤੀ ਖੇਡ ਵਿਰਸੇ ਨੂੰ ਵੀ ਖੋਰਾ ਲੱਗਾ ਸੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਲਿਆਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 11 ਜੁਲਾਈ, 2025 ਨੂੰ ‘ਪੰਜਾਬ ਵਿਧਾਨ ਸਭਾ ਵਿੱਚ ਜਾਨਵਰਾਂ ’ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ), 2025’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਕਾਨੂੰਨ ਜਿੱਥੇ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਮਦਦ ਕਰੇਗਾ, ਉੱਥੇ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਇਸ ਕਾਨੂੰਨ ਨੂੰ ਪਾਸ ਕੀਤਾ ਜਾਣਾ ਹੈ ਜਿਸ ਉਪਰੰਤ ਬਲਦਾਂ ਦੀਆਂ ਦੌੜਾਂ ਕਰਵਾਈਆਂ ਜਾ ਸਕਣਗੀਆਂ।

ਨਵੇਂ ਕਾਨੂੰਨ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ, ਜਾਨਵਰਾਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ੀਕਰਨ ਤੋਂ ਇਲਾਵਾ ਉਲੰਘਣਾਵਾਂ ਲਈ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਬੇਜ਼ੁਬਾਨ ਨੂੰ ਕਿਸੇ ਕਿਸਮ ਦੇ ਜ਼ੁਲਮ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਬੂਤਰਾਂ ਦੀ ਬਾਜ਼ੀ ਮੁੜ ਸ਼ੁਰੂ ਕਰਨ ਲਈ ਵੀ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਪਿੰਡ ਕਿਲ੍ਹਾ ਰਾਏਪੁਰ ਵਿਖੇ ਹੁੰਦੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1933 ਵਿੱਚ ਸ਼ੁਰੂ ਹੋਈਆਂ ਇਹਨਾਂ ਖੇਡਾਂ ਨੂੰ “ਮਿੰਨੀ ਓਲੰਪਿਕਸ”ਜਾਂ “ਪੇਂਡੂ ਓਲੰਪਿਕਸ” ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਚਰਚਾ ਕੌਮਾਂਤਰੀ ਪੱਧਰ ਉਤੇ ਹੋ ਚੁੱਕੀ ਹੈ। ਇਨ੍ਹਾਂ ਖੇਡਾਂ ਨੂੰ ਬੀ.ਬੀ.ਸੀ ਤੇ ਡਿਸਕਵਰੀ ਆਦਿ ਵੱਡੇ ਚੈਨਲਾਂ ਨੇ ਕਵਰ ਕੀਤਾ ਅਤੇ ਇੱਥੋਂ ਤੱਕ ਕਿ ਦੇਸ਼ ਦੇ ਰਾਸ਼ਟਰਪਤੀ ਵੀ ਇਹ ਖੇਡਾਂ ਦੇਖਣ ਆਉਂਦੇ ਰਹੇ ਹਨ।

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਕਿਸੇ ਇਕ ਘਰ ਜਾਂ ਜ਼ਿਲ੍ਹੇ ਦੀ ਨਹੀਂ ਹੈ ਸਗੋਂ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਸਮਾਜ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਨਾਲ ਕਿਸੇ ਵੀ ਕਿਸਮ ਦਾ ਲਿਹਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਉਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਸਿਆਸੀ ਆਗੂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ।

ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦੀ ਬਹੁਤਾਤ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਵਧ ਕੇ 63 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਟੇਲਾਂ ਉਤੇ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਝੋਨੇ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਿੰਜਾਈ ਲਈ ਪਾਣੀ ਵਾਧੂ ਹੋਣ ਕਰਕੇ ਕਿਸਾਨਾਂ ਨੂੰ ਟਿਊਬਵੈੱਲ ਬੰਦ ਰੱਖਣੇ ਪੈ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ‘ਚ ਵੀ ਮਿਲਣ ਗਿਆ ਸੀ ਰਵੀ ਰਾਜਗੜ੍ਹ !

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ